ਕਰਤਾਰਪੁਰ ਲਾਂਘਾ ਬੰਦ ਕਰਨ ਤੋਂ ਤਖ਼ਤਾਂ ਦੇ ਜਥੇਦਾਰ ਆਹਮੋ-ਸਾਹਮਣੇ

ਕਰਤਾਰਪੁਰ ਲਾਂਘਾ ਬੰਦ ਕਰਨ ਤੋਂ ਤਖ਼ਤਾਂ ਦੇ ਜਥੇਦਾਰ ਆਹਮੋ-ਸਾਹਮਣੇ

ਸਿੱਖ ਕੌਮ ਦੇ ਪੰਜਾਬ ਅੰਦਰਲੇ ਤਖ਼ਤਾਂ ਦੇ ਜਥੇਦਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਭਾਰਤ ਸਰਕਾਰ ਵੱਲੋਂ ਕਰੋਨਾਵਾਇਰਸ ਕਾਰਨ ਬੰਦ ਕਰਨ ਦੇ ਫ਼ੈਸਲੇ ਕਾਰਨ ਆਹਮੋ-ਸਾਹਮਣੇ ਆ ਗਏ ਹਨ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਖੁੱਲ੍ਹ ਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਅਸਹਿਮਤੀ ਪ੍ਰਗਟ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਦੋਂ ਤੋਂ ਅਕਾਲ ਤਖਤ ਸਾਹਿਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਉਸ ਤੋਂ ਬਾਅਦ ਪਹਿਲੀ ਵਾਰ ਅਜਿਹੀ ਖਟਾਸ ਦੇਖਣ ਨੂੰ ਮਿਲੀ ਹੈ। ਹਾਂਲਾਕਿ ਇਹ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦੋਵੇਂ ਜਥੇਦਾਰਾਂ ਦੀ ਨਿੱਜੀ ਰਾਏ ਹੋ ਸਕਦੀ ਹੈ ਪਰ ਜਿਸ ਤਰ੍ਹਾਂ ਨਾਲ ਦੋਵਾਂ ਦੀ ਰਾਏ ਇੱਕ ਦੂਸਰੇ ਦੇ ਬਿਲਕੁਲ ਉਲਟ ਸਾਹਮਣੇ ਆਈ ਹੈ ਉਸ ਤੋਂ ਜਾਪ ਰਿਹਾ ਹੈ ਕਿ ਤਖਤਾਂ ਦੇ ਜਥੇਦਾਰਾਂ ’ਚ ਸਭ ਕੁਝ ਠੀਕ ਨਹੀਂ ਹੈ। ਮੀਡੀਆ ’ਚ ਆਈਆਂ ਰਿਪੋਰਟਾਂ ਅਨੁਸਾਰ ਜਿੱਥੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਰੋਨਾਵਾਇਰਸ ਕਰਕੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬੰਦ ਕਰਨ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ ਹੈ ਉੱਥੇ ਹੀ ਅੱਜ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਦਲੀਲ ਨਾਲ ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਇਹ ਰਵਾਇਤ ਹੈ ਕਿ ਜਦੋਂ ਕਦੇ ਵੀ ਕੋਈ ਮਹਾਮਾਰੀ ਫੈਲਦੀ ਹੈ ਜਾਂ ਕਿਸੇ ’ਤੇ ਭੀੜ ਪੈਂਦੀ ਹੈ ਤਾਂ ਸਿੱਖ ਕੌਮ ਅੱਗੇ ਹੋ ਕੇ ਪਹਿਰਾ ਦਿੰਦੀ ਹੈ ਤੇ ਸਭ ਨੂੰ ਗੁਰੂ ਘਰਾਂ ’ਚ ਸ਼ਰਨ ਦਿੰਦੀ ਹੈ ਪਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਕੇ ਸ਼ਰਧਾਲੂਆਂ ਨੂੰ ਗੁਰੂ ਘਰ ਵਿਖੇ ਨਤਮਸਤਕ ਹੋਣ ਤੋਂ ਹੀ ਰੋਕ ਦੇਣਾ ਬਿਲਕੁਲ ਗ਼ਲਤ ਹੈ। ਜਥੇਦਾਰ ਰਘਬੀਰ ਸਿੰਘ ਵੱਲੋਂ ਸਖਤ ਲਹਿਜ਼ੇ ’ਚ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਕੀਤਾ ਗਿਆ ਵਿਰੋਧ ਦੋਵਾਂ ਦਰਮਿਆਨ ਚੱਲ ਰਹੀ ਸੀਤ ਜੰਗ ਵੱਲ ਇਸ਼ਾਰਾ ਕਰ ਰਿਹਾ ਹੈ।

Radio Mirchi