ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ।
ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਗੁਟੇਰੇਜ਼ ਨੂੰ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਸਮਝੌਤੇ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੇ ਸਿੱਖ ਭਾਈਚਾਰੇ ਦੀ ਸਹੂਲਤ ਲਈ ਇਹ ਪਹਿਲਕਦਮੀ ਕੀਤੀ ਹੈ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਮੌਕੇ ਗੁਟੇਰੇਜ਼ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣਾ ਪਾਕਿਸਤਾਨ ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣਾ ਬਹੁਤ ਚੰਗਾ ਕਦਮ ਹੈ ਅਤੇ ਇਸ ਨਾਲ ਸਹਿਣਸ਼ੀਲਤਾ ਅਤੇ ਧਾਰਮਿਕ ਸਦਭਾਵਨਾ ਵਧੇਗੀ। ਸੰਯੁਕਤ ਰਾਸ਼ਟਰ ਮੁਖੀ ਨੇ ਗੁਰਦੁਆਰਾ ਕੰਪਲੈਕਸ ਵਿੱਚ ਸਿੱਖ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ।