ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ
ਅੰਮ੍ਰਿਤਸਰ / ਲਾਹੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਪਗ 20 ਮਹੀਨਿਆਂ ਮਗਰੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਅੱਜ 28 ਭਾਰਤੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪੁੱਜ ਗਿਆ ਹੈ। ਕਰੋਨਾ ਮਹਾਮਾਰੀ ਕਾਰਨ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ| ਇਸੇ ਤਰ੍ਹਾਂ 2500 ਤੋਂ ਵੱਧ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਬੁਲਾਰੇ ਆਮਿਰ ਹਾਸ਼ਮੀ ਨੇ ਇਹ ਜਾਣਕਾਰੀ ਦਿੱਤੀ। ਹਾਸ਼ਮੀ ਨੇ ਕਿਹਾ ਕਿ ਪਾਕਿਸਤਾਨ ਨੇ 2890 ਭਾਰਤੀ ਸਿੱਖਾਂ ਨੂੰ ਵੀਜ਼ੇ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਇੱਥੇ ਪੁੱਜੇ ਹਨ।
ਕਰੋਨਾ ਮਹਾਮਾਰੀ ਕਾਰਨ ਮਾਰਚ 2020 ਨੂੰ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ| 552ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦੇਰ ਸ਼ਾਮ ਗੁਰਦੁਆਰਾ ਨਨਕਾਣਾ ਸਾਹਿਬ ਪੁੱਜ ਗਿਆ ਹੈ, ਜਿਥੇ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਨ੍ਹਾਂ ਦੇ ਭੋਗ ਗੁਰਪੁਰਬ ਵਾਲੇ ਦਿਨ 19 ਨਵੰਬਰ ਨੂੰ ਪੈਣਗੇ। ਗੁ: ਨਨਕਾਣਾ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਆਗੂਆਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਜਥੇ ਦੇ ਸਵਾਗਤ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਔਕਾਫ ਬੋਰਡ ਦੇ ਅਧਿਕਾਰੀ ਹਾਜ਼ਰ ਸਨ। ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੀ ਸਿੱਖ ਆਵਾਮ ਵੱਲੋਂ ਭਾਰਤ ਸਰਕਾਰ ਤੋਂ ਇਹ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋ ਗਈ ਹੈ। ਔਕਾਫ ਬੋਰਡ ਦੇ ਅਧਿਕਾਰੀਆਂ ਨੇ ਵੀ ਸ਼ਰਧਾਲੂਆਂ ਨੂੰ ਖੁਸ਼ਆਮਦੀਦ ਕਹੀ। ਉਧਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਪਣੀ ਵਜ਼ਾਰਤ ਨਾਲ ਭਲਕੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ।
ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ: ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਪ੍ਰਧਾਨ ਹਰਭਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਔਕਾਫ਼ ਬੋਰਡ ਪਾਕਿਸਤਾਨ ਦੇ ਚੇਅਰਮੈਨ ਨੂੰ ਇੱਕ ਪੱਤਰ ਭੇਜ ਕੇ ਪ੍ਰਕਾਸ਼ ਪੁਰਬ ਮੌਕੇ ਇੱਕ ਮੀਲ ਇਲਾਕੇ ਵਿੱਚ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮੰਗ ਕੀਤੀ ਭਾਈ ਮਰਦਾਨਾ ਜੀ ਦੇ ਘਰ ਦੀ ਮੁੜ ਉਸਾਰੀ ਲਈ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਨੂੰ ਸੇਵਾ ਦਾ ਮੌਕਾ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਦਾ 855 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ ਤੋਂ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਜੈਕਾਰੇ ਲਾਉਂਦੀ ਹੋਈ ਸੰਗਤ। -ਫੋਟੋ: ਵਿਸ਼ਾਲ ਕੁਮਾਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਰਾਮਪਾਲ ਸਿੰਘ ਬਹਿਣੀਵਾਲ, ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਦੱਸਣਯੋਗ ਹੈ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ।
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਇੱਥੋਂ ਦੇ ਲਾਂਘੇ ਰਾਹੀਂ 70 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਨ੍ਹਾਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਪਹਿਲਾਂ ਕਰਵਾਈ ਹੋਈ ਸੀ। ਇਸੇ ਦੌਰਾਨ ਅੱਜ ਕੌਮਾਂਤਰੀ ਸਰਹੱਦ ਉੱਤੇ ਧੁੱਸੀ ਬੰਨ੍ਹ ’ਤੇ ਸ਼ਰਧਾਲੂਆਂ ਦੀ ਭੀੜ ਰਹੀ। ਸ਼ਰਧਾਲੂ ਵੱਡੀ ਗਿਣਤੀ ਵਿੱਚ ਪਹੁੰਚ ਕੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਸਨ। ਉਧਰ, ਡਾਇਨਾਮਿਕ ਗਰੁੱਪ ਆਫ ਰੰਘਰੇਟਾਜ਼ ਦੇ ਚੀਫ ਆਰਗੇਨਾਈਜ਼ਰ ਅਤੇ ਏਡੀਜੀਪੀ (ਸੇਵਾਮੁਕਤ) ਗੁਰਦੇਵ ਸਿੰਘ ਸਹੋਤਾ, ਐਸਜੀਪੀਸੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਸਮੇਤ ਹੋਰ ਵੱਖ ਵੱਖ ਧਾਰਮਕ, ਸਮਾਜ ਸੇਵੀ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇੱਥੇ ਦਰਸ਼ਨ ਸਥਲ ਬਣਾਇਆ ਜਾਵੇ ਤਾਂ ਜੋ ਸਥਾਰਨ ਸ਼ਰਧਾਲੂ ਦੂਰਬੀਨ ਰਾਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਡੇਰਾ ਬਾਬਾ ਨਾਨਕ ਵਿੱਚ ਸਰਹੱਦ ’ਤੇ ਲਗਪਗ ਪੌਣੇ ਦੋ ਸਾਲਾਂ ਮਗਰੋਂ ਇੱਕ ਵਾਰ ਫਿਰ ਸ਼ਰਧਾਲੂਆਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ। ਅੱਜ ਧੁੱਸੀ ਬੰਨ੍ਹ ’ਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਆਏ ਅਤੇ ਦੂਰਬੀਨ ਰਾਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਉਧਰ ਉੱਚ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਲਾਂਘੇ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ 28 ਸ਼ਰਧਾਲੂ ਪਰਤੇ
ਪਹਿਲੇ ਦਿਨ ਪਾਕਿਸਤਾਨ ਜਾਣ ਲਈ ਲਗਪਗ 49 ਸ਼ਰਧਾਲੂਆਂ ਨੇ ਆਪਣਾ ਨਾਂਅ ਰਜਿਸਟਰਡ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਸਿਰਫ਼ 28 ਸ਼ਰਧਾਲੂ ਹੀ ਅੱਜ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਗਏ ਹਨ| ਦਿੱਲੀ ਤੋਂ ਆਏ ਜਸਪਾਲ ਸਿੰਘ ਚੰਢੋਕ ਨੇ ਕਿਹਾ ਕਿ ਅੱਜ ਉਹ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਦਰਸ਼ਨ ਕਰਕੇ ਆਏ ਹਨ, ਜਿਸ ਕਾਰਨ ਉਹ ਬਹੁਤ ਖੁਸ਼ ਹੈ| ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਵੱਲੋਂ ਸਿੱਖ ਸ਼ਰਧਾਲੂਆਂ ਉਪਰ ਫੁੱਲਾਂ ਦੀ ਵਰਖ਼ਾ ਕੀਤੀ ਗਈ| ਕੁਝ ਸ਼ਰਧਾਲੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਜਾਣ ਦੀ ਪ੍ਰਕਿਰਿਆ ਸੁਖਾਲੀ ਕਰ ਦੇਣੀ ਚਾਹੀਦੀ ਹੈ ਅਤੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕਰਨੀ ਚਾਹੀਦੀ ਹੈ| ਇੱਕ ਸ਼ਰਧਾਲੂ ਨੇ ਕਿਹਾ ਹੈ ਕਿ ਉਹ ਪਾਸਪੋਰਟ ਨਾ ਹੋਣ ਕਾਰਨ ਦੂਰ ਤੋਂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਿਆ।