ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ
ਪਟਿਆਲਾ ਵਿੱਚ ਕਰੋਨਾ ਵਾਇਰਸ ਦੇ ਅੱਜ ਚਾਰ ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 126 ਹੋ ਗਈ ਹੈ। ਸੱਜਰੇ ਆਏ ਕੇਸਾਂ ਵਿੱਚੋਂ ਕੁਵੈਤ ਤੋਂ ਆਏ ਦੋ ਵਿਅਕਤੀ ਜੋ ਪਟਿਆਲਾ ਖੇਤਰ ਨਾਲ ਸਬੰਧਤ ਹਨ, ਜਦਕਿ ਦੋ ਭਾਦਸੋਂ ਇਲਾਕੇ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਇੱਕ ਆਸ਼ਾ ਵਰਕਰ ਹੈ। ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਚਾਰਾਂ ਮਰੀਜ਼ਾਂ ਨੂੰ ਕਰੋਨਾ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ। ਇਨ੍ਹਾਂ ਦੇ ਰਿਹਾਇਸ਼ੀ ਇਲਾਕਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ’ਚ ਆਏ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ।