ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ: ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਸੌੜੀ ਸਿਆਸਤ ਕਰਨ ਤੋਂ ਵਰਜਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਸਲਾ ਸਿਆਸੀ ਨਹੀਂ ਸਗੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਨਾਲ ਵਾਸਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੇ 19ਵੀਂ ਲੜੀ ਦੌਰਾਨ ਲੋਕਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਸਲਾ ਪੰਜਾਬ, ਖੇਤੀਬਾੜੀ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਜੇਕਰ ਪੰਜਾਬ ਸਰਕਾਰ ਕਾਲੇ ਖੇਤੀ ਕਾਨੂੰਨਾਂ ਦੀ ਮੁਖ਼ਾਲਫ਼ਤ ਨਾ ਕਰੇ ਤਾਂ ਇਹ ਆਪਣੇ ਬੱਚਿਆਂ ਦਾ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਗੱਲ ਹੋਵੇਗੀ।
ਮੁੱਖ ਮੰਤਰੀ ਨੇ ਸਾਰਿਆਂ ਨੂੰ ਕਿਸਾਨ ਅੰਦੋਲਨ ਉਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸਾਨ ਪਿਛਲੇ 28 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰਦੇ ਹੋਏ ਹੱਡ ਚੀਰਵੀਂ ਠੰਢ ਨਾਲ ਜੂਝ ਰਹੇ ਹਨ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸਪੱਸ਼ਟ ਤੌਰ ’ਤੇ ਕਿਸਾਨ ਦੇ ਹੱਕ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੰਘਰਸ਼ਸੀਲ ਕਿਸਾਨਾਂ ਨੂੰ ਪੰਜਾਬ ਵਿੱਚ ਆਪਣੇ ਪਰਿਵਾਰਕ ਜੀਆਂ ਲਈ ਕਿਸੇ ਤਰ੍ਹਾਂ ਦੀ ਹੰਗਾਮੀ ਮਦਦ ਵਾਸਤੇ 1091 ਹੈਲਪਲਾਈਨ ਜਾਂ 112 ਪੁਲੀਸ ਹੈਲਪਲਾਈਨ ’ਤੇ ਕਾਲ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ 22 ਕਿਸਾਨਾਂ ਦੇ ਫੌਤ ਹੋ ਜਾਣ ’ਤੇ ਚਿੰਤਾ ਵੀ ਜ਼ਾਹਰ ਕੀਤੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਮਸਲਾ ਛੇਤੀ ਸੁਲਝਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਆਪ ਦਾ ਸਵਾਲ ਹੈ, ਇਸ ਨੇ ਵੀ ਖੇਤੀ ਕਾਨੂੰਨਾਂ ਵਿਰੁੱਧ ਸੂਬਾ ਸਰਕਾਰ ਦੇ ਸਟੈਂਡ ਦੀ ਹਮਾਇਤ ਕੀਤੀ ਸੀ ਪਰ ਉਸ ਤੋਂ ਅਗਲੇ ਦਿਨ ਹੀ ਇਨ੍ਹਾਂ ਨੇ ਪੈਰ ਪਿਛਾਂਹ ਖਿੱਚ ਲਏ ਜਿਸ ਨਾਲ ਇਸ ਮੁੱਦੇ ’ਤੇ ਇਨ੍ਹਾਂ ਦਾ ਦੋਗਲਾ ਕਿਰਦਾਰ ਬੇਪਰਦ ਹੋ ਗਿਆ।
50 ਹਜ਼ਾਰ ਅਸਾਮੀਆਂ ’ਤੇ ਭਰਤੀ ਨੂੰ ਅਗਲੀ ਕੈਬਨਿਟ ’ਚ ਮਿਲੇਗੀ ਪ੍ਰਵਾਨਗੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ 50,000 ਆਸਾਮੀਆਂ ’ਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਜਾਵੇਗੀ ਅਤੇ ਕੋਵਿਡ ਕਰਕੇ ਇਸ ਵਿਚ ਥੋੜ੍ਹੀ ਦੇਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਸੰਕਟ ਕਾਰਨ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕਿਰਾਏ ਵਿੱਚ 50 ਫ਼ੀਸਦੀ ਸਬਸਿਡੀ ਨੂੰ ਅਮਲ ਵਿੱਚ ਲਿਆਉਣ ’ਚ ਦੇਰੀ ਹੋਈ ਹੈ ਪਰ ਛੇਤੀ ਹੀ ਇਸ ਸਕੀਮ ਨੂੰ ਲਾਗੂ ਕਰ ਦਿੱਤਾ ਜਾਵੇਗਾ। ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੁਨੀਆ ਦੇ ਕੁਝ ਹਿੱਸਿਆਂ ਵਿੱਚ ਕਰੋਨਾ ਵਾਇਰਸ ਦੇ ਨਵੇਂ ਰੂਪ ਵਿੱਚ ਫੈਲਣ ਦੀਆਂ ਰਿਪੋਰਟਾਂ ਦਰਮਿਆਨ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਅਤੇ ਕੋਵਿਡ ਦੇ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮਹਾਂਮਾਰੀ ਦਾ ਫੈਲਾਅ ਹੌਲੀ ਹੋਇਆ ਹੈ ਪਰ ਸੰਕਟ ਹਾਲੇ ਖ਼ਤਮ ਨਹੀਂ ਹੋਇਆ। ਉਨ੍ਹਾਂ ਉਮੀਦ ਜਤਾਈ ਕਿ ਵਾਇਰਸ ਦਾ ਨਵਾਂ ਰੂਪ ਪੰਜਾਬ ਵਿਚ ਦਾਖ਼ਲ ਨਹੀਂ ਹੋਇਆ।