ਕੇਂਦਰ ਸਰਕਾਰ ਲੋਕ ਮਸਲੇ ਹੱਲ ਕਰਨ ਤੋਂ ਭੱਜੀ: ਜਾਖੜ

ਕੇਂਦਰ ਸਰਕਾਰ ਲੋਕ ਮਸਲੇ ਹੱਲ ਕਰਨ ਤੋਂ ਭੱਜੀ: ਜਾਖੜ

ਪੰਜਾਬ ਕਾਂਗਰਸ ਕਮੇਟੀ, 14 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਵੱਲੋਂ ਕੀਤੀ ਜਾ ਰਹੀ ‘ਭਾਰਤ ਬਚਾਓ’ ਰੈਲੀ ’ਚ ਸ਼ਮੂਲੀਅਤ ਕਰੇਗੀ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਜ ਵਿੱਚ ਦੇਸ਼ ਹਰ ਖਿੱਤੇ ਵਿੱਚ ਪਛੜ ਰਿਹਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ, ਮੋਦੀ ਸਰਕਾਰ ਨੂੰ ਉਸ ਦੀਆਂ ਕਿਸਾਨ ਅਤੇ ਗਰੀਬ ਵਿਰੋਧੀ ਆਰਥਿਕ ਨੀਤੀਆਂ ਤੋਂ ਵਰਜਣ ਲਈ ਭਾਰਤ ਬਚਾਓ ਰੈਲੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਸਾਹਮਣੇ ਬੇਰੁਜ਼ਗਾਰੀ, ਮਹਿੰਗਾਈ, ਆਰਥਿਕ ਮੰਦਹਾਲੀ ਵਰਗੀਆਂ ਵੱਡੀਆਂ ਚੁਣੌਤੀਆਂ ਹਨ ਪਰ ਐੱਨਡੀਏ, ਲੋਕ ਮਸਲਿਆਂ ਦੇ ਹੱਲ ਦੀ ਬਜਾਏ ਫੋਕੇ ਦਾਅਵਿਆਂ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਦਕਿ ਗਾਹਕਾਂ ਨੂੰ ਫ਼ਲ-ਸਬਜ਼ੀਆਂ ਅਤੇ ਹੋਰ ਚੀਜ਼ਾਂ ਮਹਿੰਗੇ ਮੁੱਲ ਮਿੱਲ ਰਹੀਆਂ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਨਾ ਨੀਤੀ ਹੈ ਅਤੇ ਨਾ ਹੀ ਨੀਤ ਹੈ। ਇਸ ਲਈ ਪਾਰਟੀ ਵੱਲੋਂ ਆਵਾਮ ਨੂੰ ਜਾਗਰੂਕ ਕਰਨ ਲਈ ਭਾਰਤ ਬਚਾਓ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਕੇਂਦਰ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਦਿੱਲੀ ਪੁੱਜਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਹਿੱਸੇ ਦੇ 4100 ਕਰੋੜ ਰੁਪਏ ਦੇ ਜੀਐੱਸਟੀ ਬਕਾਏ ਨਾਜਾਇਜ਼ ਤੌਰ ’ਤੇ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੇ ਸੰਘੀ ਢਾਂਚੇ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ, ਪੰਜਾਬ ਨਾਲ ਭੇਦਭਾਵ ਕਰ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਕਾਰਨ ਦੇਸ਼ ਮੰਦੇ ਦੀ ਲਪੇਟ ਵਿੱਚ ਆ ਗਿਆ ਹੈ।

Radio Mirchi