ਕੇਜ਼ੈੱਡਐੱਫ ਦੇ 9 ਕਾਰਕੁਨ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜੇ

ਕੇਜ਼ੈੱਡਐੱਫ ਦੇ 9 ਕਾਰਕੁਨ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜੇ

ਅੰਮ੍ਰਿਤਸਰ-ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈੱਡਐੱਫ) ਦੇ 9 ਮੈਂਬਰਾਂ ਨੂੰ ਅਦਾਲਤ ਨੇ ਅੱਜ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦਾ ਪੁਲੀਸ ਰਿਮਾਂਡ ਅੱਜ ਖਤਮ ਹੋ ਗਿਆ ਸੀ। ਹੁਣ ਉਨ੍ਹਾਂ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਪੁੱਛਗਿੱਛ ਵਾਸਤੇ ਮੁਹਾਲੀ ਸਥਿਤ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅੱਜ ਉਨ੍ਹਾਂ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਕੇਜ਼ੈੱਡਐੱਫ ਦੇ ਪੇਸ਼ ਕੀਤ ਗਏ ਮੈਂਬਰਾਂ ਵਿੱਚ ਬਾਬਾ ਬਲਵੰਤ ਸਿੰਘ, ਆਕਾਸ਼ਦੀਪ, ਹਰਭਜਨ ਸਿੰਘ, ਬਲਬੀਰ ਸਿੰਘ, ਮਾਨ ਸਿੰਘ, ਗੁਰਦੇਵ ਸਿੰਘ, ਸ਼ੁਭਦੀਪ ਸਿੰਘ, ਸਾਜਨਪ੍ਰੀਤ ਸਿੰਘ ਅਤੇ ਰੋਮਨਜੀਤ ਸਿੰਘ ਸ਼ਾਮਲ ਹਨ।ਪੁਲੀਸ ਦੇ ਕਾਉਂਟਰ ਇੰਟੈਲੀਜੈਂਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਉਨ੍ਹਾਂ ਕੋਲੋਂ ਐੱਨਆਈਏ ਵੱਲੋਂ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ ਜਿਸ ਨੇ ਉਕਤ 9 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ।
ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਇਸ ਮਾਮਲੇ ਦੀ ਜਾਂਚ ਐੱਨਆਈਏ ਕੋਲੋਂ ਕਰਵਾਈ ਜਾਵੇ। ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਵੱਲੋਂ ਕੇਜ਼ੈੱਡਐਫ ਦੇ ਚਾਰ ਕਾਰਕੁਨਾਂ ਨੂੰ 22 ਸਤੰਬਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਮਗਰੋਂ ਉਨ੍ਹਾਂ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਬਾਕੀ ਸਾਰੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਮਾਨ ਸਿੰਘ ਪਹਿਲਾਂ ਹੀ ਇਥੇ ਜੇਲ੍ਹ ਵਿੱਚ ਬੰਦ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਕਾਰਕੁਨਾਂ ਨੇ ਖੁਲਾਸਾ ਕੀਤਾ ਸੀ ਕਿ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿੱਚ ਭੇਜੀ ਗਈ ਸੀ। ਇਸ ਮਾਮਲੇ ’ਚ ਪੁਲੀਸ ਨੇ ਨਸ਼ਟ ਕੀਤਾ ਡਰੋਨ ਵੀ ਬਰਾਮਦ ਕੀਤਾ ਸੀ।

Radio Mirchi