ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਪੂਰਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲਿਆ ਕੌਮਾਂਤਰੀ ਨਗਰ ਕੀਰਤਨ 97ਵੇਂ ਦਿਨਾਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਸੁਲਤਾਨਪੁਰ ਲੋਧੀ ’ਚ ਖਾਲਸਾਈ ਜਾਹੋ ਜਲਾਲ ਨਾਲ ਸਮਾਪਤ ਹੋ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪਹਿਲਾ ਅਜਿਹਾ ਨਗਰ ਕੀਰਤਨ ਹੈ, ਜਿਹੜਾ ਦੇਸ਼ ਦੀ ਵੰਡ ਤੋਂ ਬਾਅਦ ਨਨਕਾਣਾ ਸਾਹਿਬ ਤੋਂ ਚੱਲ ਕੇ ਭਾਰਤ ਦੇ 17 ਸੂਬਿਆਂ ’ਚੋਂ ਹੁੰਦਾ ਹੋਇਆ ਸਿੱਖ ਪੰਥ ਦੇ ਪੰਜ ਤਖ਼ਤਾਂ ਦੀ ਯਾਤਰਾ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ।
ਸੁਲਤਾਨਪੁਰ ਲੋਧੀ ਵਿਚ ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਣ ’ਤੇ ਗੁਰਦੁਆਰਾ ਸੰਤਘਾਟ ਸਾਹਿਬ ਦੇ ਨੇੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅੰਤਰਰਾਸ਼ਟਰੀ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਲਵਿੰਦਰ ਸਿੰਘ ਭੂੰਦੜ ਤੇ ਬੀਬੀ ਉਪਿੰਦਰਜੀਤ ਕੌਰ ਨੇ ਜ਼ੋਸ਼ੋ-ਖ਼ਰੋਸ਼ ਨਾਲ ਸਵਾਗਤ ਕੀਤਾ। ਇਸੇ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਸਵਾਗਤ ਲਈ ਪਹੁੰਚੇ।