ਖੇਤੀ ਆਰਡੀਨੈਂਸ: ਪੰਜਾਬ ਸੱਦੇਗਾ ਵਿਸ਼ੇਸ਼ ਇਜਲਾਸ
ਪੰਜਾਬ ਸਰਕਾਰ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਸਹਿਮਤ ਹੋ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਇਜਲਾਸ ਕਦੋਂ ਤੇ ਕਿਵੇਂ ਬੁਲਾਇਆ ਜਾਵੇ, ਇਸ ਬਾਰੇ ਹਾਲੇ ਫ਼ੈਸਲਾ ਹੋਣਾ ਬਾਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਧਿਰਾਂ ਵੱਲੋਂ ਉਠਾਈ ਮੰਗ ਦੌਰਾਨ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਬਾਰੇ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਅਤੇ ਕੇਂਦਰੀ ਬਿਜਲੀ ਸੋਧ ਬਿੱਲ ਬਾਰੇ ਅੱਜ ਕਿਸਾਨ ਧਿਰਾਂ ਦੇ ਆਗੂਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ। ਕਿਸਾਨ ਧਿਰਾਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ’ਤੇ ਜ਼ੋਰ ਪਾਇਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਦਾ ਸੰਕਟ ਚੱਲ ਰਿਹਾ ਹੈ, ਜਦੋਂ ਵੀ ਸੰਭਵ ਹੋਇਆ, ਉਦੋਂ ਹੀ ਇਜਲਾਸ ਸੱਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਇਸ਼ਾਰਾ ਕੀਤਾ ਕਿ ਵਿਸ਼ੇਸ਼ ਇਜਲਾਸ ਸੱਦਣ ਦਾ ਮੁੱਖ ਮੰਤਵ ਕੇਂਦਰ ਸਰਕਾਰ ਨੂੰ ਖੇਤੀ ਆਰਡੀਨੈਂਸਾਂ ਦੇ ਮੁੱਦੇ ’ਤੇ ਸਖ਼ਤ ਸੁਨੇਹਾ ਦੇਣਾ ਹੈ। ਕਿਸਾਨ ਧਿਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸੰਘਵਾਦ ਵਿਰੋਧੀ ਤਿੰਨੋਂ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ। ਮਤੇ ਵਿੱਚ ਕੇਂਦਰ ਤੋਂ ਮੰਗ ਕੀਤੀ ਗਈ ਕਿ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ’ਤੇ ਮੁੜ ਵਿਚਾਰ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਵੇ। ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਮਗਰੋਂ ਅੱਜ ਕਿਸਾਨ ਧਿਰਾਂ ਤੋਂ ਵੀ ਮੋਹਰ ਲਵਾ ਕੇ ਕੇਂਦਰ ਦੀ ਸਿਆਸੀ ਘੇਰਾਬੰਦੀ ਲਈ ਆਪਣਾ ਪਾਲਾ ਮਜ਼ਬੂਤ ਕਰ ਲਿਆ। ਇਸ ਵਰਚੁਅਲ ਮੀਟਿੰਗ ’ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਜ਼ੀਰ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੋਂ ਇਲਾਵਾ ਕਰੀਬ 11 ਕਿਸਾਨ ਧਿਰਾਂ ਦੇ ਪ੍ਰਧਾਨ/ਜਨਰਲ ਸਕੱਤਰ ਸ਼ਾਮਲ ਹੋਏ।