ਖੇਤੀ ਆਰਡੀਨੈਂਸਾਂ ’ਤੇ ਕੇਂਦਰ ਨਾਲ ਲੜਾਈ ਲਈ ਤਿਆਰ: ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਅਕਾਲੀਆਂ ਨੇ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਕਿਸਾਨ ਵਿਰੋਧੀ ਆਰਡੀਨੈਂਸਾਂ ਪ੍ਰਤੀ ਹਾਮੀ ਭਰ ਕੇ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਬ ਪਾਰਟੀ ਵਫ਼ਦ ਦੇ ਮਿਲਣ ਲਈ ਸਮਾਂ ਵੀ ਮੰਗਿਆ ਜਾਵੇਗਾ। ਆਪਣੇ ਹਫ਼ਤਾਵਾਰੀ ‘ਕੈਪਟਨ ਨੂੰ ਸਵਾਲ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਨੇ ਖ਼ਬਰਦਾਰ ਕੀਤਾ ‘ਸੁਖਬੀਰ ਬਾਦਲ ਜਾਂ ਭਾਜਪਾ ਵਾਲੇ ਭਾਵੇਂ ਕੁਝ ਵੀ ਕਹੀ ਜਾਣ, ਜੇ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦੇ ਨਾਲ-ਨਾਲ ਐੱਫਸੀਆਈ. ਨੂੰ ਵੀ ਤੋੜ ਦਿੱਤਾ ਜਾਵੇਗਾ।’ ਉਨ੍ਹਾਂ ਦਾਅਵਾ ਕੀਤਾ ਕਿ ਜੇ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖ਼ਰੀਦ ਪ੍ਰਕਿਰਿਆ ਖ਼ਤਮ ਹੋ ਜਾਵੇਗੀ ਅਤੇ ਸਰਕਾਰੀ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਸਿਰਫ਼ ਆਪਣੇ ਸਿਆਸੀ ਮੁਫ਼ਾਦ ਪਾਲਣ ਵਿੱਚ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਦੇ ਪੰਜਾਬ ਤੇ ਕਿਸਾਨ ਵਿਰੋਧੀ ਹੋਣ ’ਤੇ ਭਾਜਪਾ ਅਤੇ ਅਕਾਲੀਆਂ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਸਹਿਮਤੀ ਪ੍ਰਗਟਾ ਚੁੱਕੀਆਂ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਮਿਲੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਸੀ। ਕੈਪਟਨ ਨੇ ਦੋਸ਼ ਲਾਇਆ ਕਿ ਅਕਾਲੀਆਂ ਨੇ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਰਡੀਨੈਂਸ ਵਿਰੁੱਧ ਲੜਾਈ ਵਿੱਚ ਸਾਥ ਦੇਣ ਅਤੇ ਅਕਾਲੀ-ਭਾਜਪਾ ਦੇ ਹੱਥੋਂ ਗੁਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਜਿਹੜਾ ਉਨ੍ਹਾਂ ਦੀ ਅਪੀਲ ਉਤੇ ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਹੈਲੀਕਾਪਟਰ ਰਾਹੀਂ ਸਪਰੇਅ ਦੇ ਛਿੜਕਾਅ ਦੀ ਆਗਿਆ ਦਿੱਤੀ ਗਈ।
ਕੋਵਿਡ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਾਉਣਾ ਤੇ ਸਮਾਜਿਕ ਵਿੱਥ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਲਈ ਪੁੱਛੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਜਾਣਾ ਹੈ ਪਰ ਸੂਬਾ ਸਰਕਾਰ ਇਸ ਸਬੰਧੀ ਆਗਿਆ ਲੈਣ ਲਈ ਕੇਂਦਰ ਨੂੰ ਲਿਖੇਗੀ ਕਿਉਂਜੋ ਪੰਜਾਬ ਦੀ ਸਥਿਤੀ ਕਈ ਸੂਬਿਆਂ ਨਾਲੋਂ ਬਿਹਤਰ ਹੈ। ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ’ਤੇ ਮਨਾਏ ਜਾਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਕਲਾਸਾਂ ਨਾ ਲੱਗਣ ’ਤੇ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਬਾਰੇ ਪੁੱਛੇ ਸਵਾਲ ਬਾਰੇ, ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਵੀ ਇਸ ਬਾਰੇ ਖੁਸ਼ ਨਹੀਂ ਅਤੇ ਪੰਜਾਬ ਸਰਕਾਰ ਵੱਲੋਂ ਰੀਵਿਊ ਪਟੀਸ਼ਨ ਪਾਏ ਜਾਣ ਦਾ ਕੰਮ ਜਾਰੀ ਹੈ।