ਖੇਤੀ ਕਾਨੂੰਨ ਰੱਦੀ ਦੀ ਟੋਕਰੀ ਵਿੱਚ ਸੁੱਟੇ ਜਾਣ: ਰਾਹੁਲ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਿਸਾਨਾਂ ਦੇ ਮਸਲੇ ਦਾ ਇਕੋ ਇਕ ਹੱਲ ਨਵੇਂ ਖੇਤੀ ਕਾਨੂੰਨਾਂ ਨੂੰ ‘ਰੱਦੀ ਦੀ ਟੋਕਰੀ’ ’ਚ ਸੁੱਟਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਨਾ ਸੁਲਝਿਆ ਤਾਂ ਅੰਦੋਲਨ ਮੁਲਕ ਦੇ ਹੋਰ ਹਿੱਸਿਆਂ ’ਚ ਵੀ ਫੈਲ ਸਕਦਾ ਹੈ। ਕੇਂਦਰ ’ਤੇ ਜ਼ੋਰਦਾਰ ਹਮਲਾ ਕਰਦਿਆਂ ਕਾਂਗਰਸ ਆਗੂ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੌਮੀ ਜਾਂਚ ਏਜੰਸੀ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਧਮਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਕਿਸਾਨ ਅਤੇ ਮਜ਼ਦੂਰ ਗੁੱਸੇ ’ਚ ਹਨ ਕਿਉਂਕਿ ਸਰਕਾਰ ਉਨ੍ਹਾਂ ਦੀ ਰੋਜ਼ੀ-ਰੋਟੀ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਮੱਧ ਵਰਗ ਨੂੰ ਵੀ ਆਉਂਦੇ ਸਮੇਂ ’ਚ ਝਟਕਾ ਦੇਣ ਜਾ ਰਹੀ ਹੈ ਕਿਉਂਕਿ ਖੁਰਾਕੀ ਵਸਤਾਂ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਰਹੀਆਂ ਹਨ।’’ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਅਪਰਾਧੀਆਂ ਵਰਗਾ ਵਤੀਰਾ ਅਪਣਾਇਆ ਜਾ ਰਿਹਾ ਹੈ। ‘ਸਰਕਾਰ ਕਿਸਾਨਾਂ ਨੂੰ ਕੁੱਟ ਰਹੀ ਹੈ, ਧਮਕੀਆਂ ਦੇ ਰਹੀ ਹੈ ਅਤੇ ਉਨ੍ਹਾਂ ਦੇ ਅੰਦੋਲਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।’ ਰਾਹੁਲ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਅਤੇ ਉਨ੍ਹਾਂ ਦੇ ਮਸਲੇ ਦਾ ਫੌਰੀ ਹੱਲ ਕੱਢਿਆ ਜਾਵੇ। ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਲ ਕਿਲੇ ਦੇ ਅੰਦਰ ਕਿਸ ਨੇ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਦਾ ਕੰਮ ਗ੍ਰਹਿ ਮੰਤਰਾਲੇ ਦਾ ਸੀ ਪਰ ਉਸ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ।