ਗਾਂਧੀ ਪਰਿਵਾਰ ਦੀ ਸੁਰੱਖਿਆ ਤੇ ਜੇਐੱਨਯੂ ਮੁੱਦੇ ਗੂੰਜੇ
ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਅੱਜ ਲੋਕ ਸਭਾ ਵਿੱਚ ਗਾਂਧੀ ਪਰਿਵਾਰ ਤੋਂ ਐੱਸਪੀਜੀ ਸੁਰੱਖਿਆ ਵਾਪਸ ਲੈਣ ਤੇ ਸੰਸਦ ਵੱਲ ਮਾਰਚ ਕਰ ਰਹੇ ਜੇਐੱਨਯੂ ਵਿਦਿਆਰਥੀਆਂ ਖ਼ਿਲਾਫ਼ ਪੁਲੀਸ ਕਾਰਵਾਈ ਜਿਹੇ ਮੁੱਦਿਆਂ ਦੀ ਗੂੰਜ ਰਹੀ। ਸਪੀਕਰ ਓਮ ਬਿਰਲਾ ਨੇ ਕਾਂਗਰਸ ਵੱਲੋਂ ਐੱਸਪੀਜੀ ਮੁੱਦੇ ’ਤੇ ਚਰਚਾ ਲਈ ਦਿੱਤੇ ਕੰਮ ਰੋਕੂ ਮਤੇ ਨੂੰ ਰੱਦ ਕਰ ਦਿੱਤਾ। ਕਾਂਗਰਸ, ਨੈਸ਼ਨਲ ਕਾਨਫਰੰਸ ਤੇ ਡੀਐੱਮਕੇ ਮੈਂਬਰਾਂ ਨੇ ਪ੍ਰਸ਼ਨ ਕਾਲ ਦੌਰਾਨ ਸਦਨ ਦੇ ਐਨ ਵਿਚਾਲੇ ਆ ਕੇ ਨਾਅਰੇਬਾਜ਼ੀ ਕੀਤੀ ਤੇ ਮਗਰੋਂ ਵਾਕਆਊਟ ਕਰ ਗਏ।
ਸਿਫ਼ਰ ਕਾਲ ਦੌਰਾਨ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਗਾਂਧੀ ਪਰਿਵਾਰ ਤੋਂ ਐੱਸਪੀਜੀ ਸੁਰੱਖਿਆ ਵਾਪਸ ਲੈਣ ਦੇ ਮੁੱਦੇ ਨੂੰ ਉਭਾਰਿਆ। ਕਾਂਗਰਸ ਨੇ ਸਦਨ ਵਿੱਚ ਕੰਮ ਰੋਕੂ ਮਤੇ ਦਾ ਨੋਟਿਸ ਵੀ ਦਿੱਤਾ, ਜਿਸ ਨੂੰ ਸਪੀਕਰ ਓਮ ਬਿਰਲਾ ਨੇ ਰੱਦ ਕਰ ਦਿੱਤਾ। ਚੌਧਰੀ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਪਿਛਲੀ ਐੱਨਡੀਏ ਸਰਕਾਰ ਨੇ ਵੀ ਗਾਂਧੀ ਪਰਿਵਾਰ ਤੋਂ ਐੱਸਪੀਜੀ ਸੁਰੱਖਿਆ ਵਾਪਸ ਨਹੀਂ ਲਈ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਹੁੰਦੀ ਹੈ ਕਿ ਸਰਕਾਰ ਦੀ ਇਸ ਪੇਸ਼ਕਦਮੀ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ। ਕਾਂਗਰਸ ਨੇ ਸਪੀਕਰ ਨੂੰ ਦਿੱਤੇ ਨੋਟਿਸ ਵਿੱਚ ਸਰਕਾਰ ਦੇ ਇਸ ਫੈਸਲੇ ਨੂੰ ‘ਆਪਹੁਦਰੀ’ ਕਾਰਵਾਈ ਕਰਾਰ ਦਿੱਤਾ। ਕਾਂਗਰਸ ਨੇ ਕਿਹਾ ਕਿ ਗਾਂਧੀ ਪਰਿਵਾਰ ਨੂੰ ਦਰਪੇਸ਼ ਖ਼ਤਰਿਆਂ ਨੂੰ ਅਣਗੌਲਿਆਂ ਕਰਕੇ ਸੁਰੱਖਿਆ ਛਤਰੀ ਵਾਪਸ ਲਈ ਗਈ ਹੈ। ਉਧਰ ਡੀਐੱਮਕੇ ਆਗੂ ਟੀ.ਆਰ.ਬਾਲੂ ਨੇ ਚੌਧਰੀ ਦੀ ਹਮਾਇਤ ਵਿੱਚ ਬੋਲਦਿਆਂ ਕਿਹਾ ਕਿ ਐੱਸਪੀਜੀ ਸੁਰੱਖਿਆ ਵਾਪਸ ਲੈਣ ਨਾਲ ਗਾਂਧੀ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਕਾਂਗਰਸ, ਨੈਸ਼ਨਲ ਕਾਨਫਰੰਸ ਤੇ ਡੀਐੱਮਕੇ ਮੈਂਬਰਾਂ ਨੇ ਸਦਨ ਦੇ ਵਿਚਾਲੇ ਆ ਕੇ ‘ਬਦਲਾਖੋਰੀ ਦੀ ਸਿਆਸਤ ਬੰਦ ਕਰਨ’ ਤੇ ‘ਤਾਨਾਸ਼ਾਹੀ ਦਾ ਅੰਤ ਕਰਨ’ ਜਿਹੇ ਨਾਅਰੇ ਲਾਏ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਲਿੱਟੇ ਦਹਿਸ਼ਤਗਰਦਾਂ ਵੱਲੋਂ ਕੀਤੀ ਹੱਤਿਆ ਮਗਰੋਂ ਗਾਂਧੀ ਪਰਿਵਾਰ ਨੂੰ ਮਿਲੀ ਜ਼ੈੱਡ-ਪਲੱਸ ਸੁਰੱਖਿਆ ਨੂੰ ਐੱਸਪੀਜੀ ਸੁਰੱਖਿਆ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਸੀ।