ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਅਰਦਾਸ ਮਗਰੋਂ ਸ਼ਹੀਦੀ ਜੋੜ ਮੇਲ ਸਮਾਪਤ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ, ਨਗਰ ਕੀਰਤਨ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਚ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸਮਾਪਤ ਹੋ ਗਿਆ। ਨਗਰ ਕੀਰਤਨ ਵਿਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਨੌਂ ਵਜੇ ਆਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਸੀ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਸਲ ਸਣੇ ਹੋਰ ਅਧਿਕਾਰੀ ਹਾਜ਼ਰ ਸਨ। ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਪੁੱਜੇ ਸਨ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਚ ਸ਼ਹੀਦੀ ਸਭਾ ਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਰਘਬੀਰ ਸਿੰਘ ਨੇ ਕੀਤੀ ਜਦੋਂਕਿ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਸੰਗਤ ਨੂੰ ਇਕਾਗਰ ਕਰਨ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਿੱਖੀ ਲਈ ਜੂਝਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸੰਗਤ ਦੀ ਸਹੂਲਤ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਸ਼ਹੀਦੀ ਦਿਵਸ ਮੌਕੇ ਵੱਡੀ ਗਿਣਤੀ ਸੰਗਤ ਦਰਬਾਰ ਸਾਹਿਬ ਨਤਮਸਤਕ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਦਿਵਸ ਮੌਕੇ ਅੱਜ ਸ਼ੀਤ ਲਹਿਰ ਦੇ ਬਾਵਜੂਦ ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਸ਼ਹਾਦਤ ਨੂੰ ਯਾਦ ਕੀਤਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਦਰਬਾਰ ਸਾਹਿਬ ਦੇ ਅਮਲੇ ਅਤੇ ਸੰਗਤ ਨੇ 15 ਮਿੰਟ ਵਾਸਤੇ ਸ਼ਹੀਦਾਂ ਦੀ ਯਾਦ ਵਿਚ ਗੁਰਮੰਤਰ ਦਾ ਜਾਪ ਕੀਤਾ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ।