ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ ਦੇ ਬਾਨੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਦਰਬਾਰ ਸਾਹਿਬ ’ਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ।
ਇਸ ਦੌਰਾਨ ਦਰਸ਼ਨ ਕਰਨ ਵਾਲੀ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਾਵੇਂ ਕਰੋਨਾ ਦਾ ਸੰਕਟ ਬਰਕਰਾਰ ਹੈ ਪਰ ਇਸ ਮਹਾਮਾਰੀ ’ਤੇ ਸ਼ਰਧਾਲੂਆਂ ਦੀ ਆਸਥਾ ਭਾਰੀ ਰਹੀ। ਸੰਗਤ ਨੇ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਮੱਥਾ ਟੇਕਣ ਮਗਰੋਂ ਕੀਰਤਨ ਦਾ ਆਨੰਦ ਮਾਣਿਆ। ਇਸ ਦੌਰਾਨ ਦਰਬਾਰ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ’ਚ ਜਲੌਅ ਸਜਾਏ ਗਏ ਅਤੇ ਪੁਰਾਤਨ ਵੇਲੇ ਦੀਆਂ ਬੇਸ਼ਕੀਮਤੀ ਵਸਤਾਂ ਦਰਸ਼ਨਾਂ ਵਾਸਤੇ ਰੱਖੀਆਂ ਗਈਆਂ। ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗਵਾਲ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਦੌਰਾਨ ਮੁੰਬਈ ਦੀ ਸੰਗਤ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ, ਦਰਸ਼ਨੀ ਡਿਉਢੀ ਆਦਿ ਥਾਵਾਂ ’ਤੇ ਕੀਤੀ ਗਈ ਫੁੱਲਾਂ ਦੀ ਸਜਾਵਟ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲੌਂਗੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਗੁਰਬਖਸ਼ ਸਿੰਘ ਖਾਲਸਾ, ਗਿਆਨੀ ਜਸਵੰਤ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।  

Radio Mirchi