ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ: ਕੈਪਟਨ

ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਸੁਰਾਂ ਨੂੰ ਠੱਲ੍ਹਣ ਲਈ ਅੱਜ ਐਲਾਨ ਕੀਤਾ ਹੈ ਕਿ ਉਹ ਸ਼ਰਾਬ ਮਾਫ਼ੀਏ ਨੂੰ ਖ਼ਤਮ ਕਰਕੇ ਦਮ ਲੈਣਗੇ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫ਼ੀਏ ’ਚ ਸ਼ਾਮਿਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕੋਈ ਅਧਿਕਾਰੀ ਜਾਂ ਸਿਆਸੀ ਨੇਤਾ।
ਮੁੱਖ ਮੰਤਰੀ ਨੇ ਅੱਜ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੱਤਾ ਅਤੇ ਕਿਹਾ ਕਿ ਜ਼ਹਿਰ ਵੰਡਣ ਵਾਲੇ ਬਚ ਕੇ ਨਹੀਂ ਨਿਕਲ ਸਕਣਗੇ। ਪੰਜਾਬ ਸਰਕਾਰ ਨੇ ਪੂਰੀ ਪੁਲੀਸ ਸ਼ਰਾਬ ਮਾਫ਼ੀਆ ’ਤੇ ਕਾਰਵਾਈ ਲਈ ਲਗਾ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਅਸਲ ਵਿੱਚ ਜਦੋਂ ਪੁਲੀਸ ਪੂਰੀ ਤਰ੍ਹਾਂ ਕੋਵਿਡ-19 ਖ਼ਿਲਾਫ਼ ਡਟੀ ਹੋਈ ਸੀ ਉਦੋਂ ਗ਼ੈਰ-ਸਮਾਜੀ ਤੱਤਾਂ ਨੇ ਮੌਕੇ ਦਾ ਫਾਇਦਾ ਚੁੱਕਿਆ ਜਿਸ ਕਾਰਨ 111 ਜਾਨਾਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੋਵਿਡ ਨੇ ਹੁਣ ਤੱਕ 449 ਜਾਨਾਂ ਲੈ ਲਈਆਂ ਹਨ ਅਤੇ
ਦੂਜੇ ਪਾਸੇ ਸ਼ਰਾਬ ਮਾਫ਼ੀਆ ਨੇ ਜਾਨਾਂ ਲੈ ਲਈਆਂ ਹਨ। ਉਨ੍ਹਾਂ ਕਿਹਾ ਇਹ ਸਿੱਧੇ ਤੌਰ ’ਤੇ ਕਤਲ ਹੈ ਅਤੇ ਇਸ ਲਈ ਕਾਤਲ ਬਚ ਨਹੀਂ ਸਕਣਗੇ। ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਆਖਿਆ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵੱਲੋਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੁੱਛਿਆ ਕਿ ਜ਼ਹਿਰੀਲੀ ਸ਼ਰਾਬ ਖ਼ਿਲਾਫ਼ ਧਰਨੇ ਦੇਣ ਨਾਲ ਕੀ ਪੀੜਤ ਪਰਿਵਾਰਾਂ ਤੇ ਮਾਫ਼ੀਆ ਖ਼ਿਲਾਫ਼ ਲੜਾਈ ’ਚ ਮਦਦ ਹੋ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਅਸਾਮ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਅਜਿਹੇ ਕਾਂਡ ਵਾਪਰੇ ਸਨ ਅਤੇ ਇਨ੍ਹਾਂ ਵਿੱਚ ਕ੍ਰਮਵਾਰ 168, 97 ਅਤੇ 30 ਜਾਨਾਂ ਗਈਆਂ ਸਨ। ਪੱਛਮੀ ਬੰਗਾਲ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 167 ਮੌਤਾਂ ਹੋਈਆਂ ਸੀ। ਅਕਾਲੀ-ਭਾਜਪਾ ਦੇ ਰਾਜ ’ਚ ਵੀ ਅਜਿਹੇ ਦੁਖਾਂਤ ਵਾਪਰਦੇ ਰਹੇ ਹਨ।

Radio Mirchi