ਜੇਤੂ ਰਹੇ ਕਾਂਗਰਸੀਆਂ ਵਾਲੇ ਵਾਰਡਾਂ ’ਚ ਮੁੜ ਚੋਣਾਂ ਕਰਵਾਈਆਂ ਜਾਣ: ਚੀਮਾ
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਸਬੰਧੀ ਜਿਹੜੀਆਂ ਥਾਵਾਂ ਤੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਤੋਂ ਜੇਤੂ ਐਲਾਨੇ ਗਏ ਹਨ, ਉੱਥੋਂ ਦੀ ਚੋਣ ਰੱਦ ਕਰ ਕੇ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਸਾਬਕਾ ਅਕਾਲੀ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਬੂਥਾਂ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਤਾਂ ਜੋ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਦਾਲਤ ਦਾ ਦਰਵਾਜ਼ਾ ਖੜਕਾਏਗਾ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਪਹੁੰਚ ਕਰੇਗਾ।