ਝੂਠਾ ਪੁਲੀਸ ਮੁਕਾਬਲਾ: ਛੇ ਪੁਲੀਸ ਅਫ਼ਸਰਾਂ ਨੂੰ 10-10 ਸਾਲ ਦੀ ਕੈਦ, ਤਿੰਨ ਬਰੀ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 27 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਹੀ ਪੁਲੀਸ ਅਧਿਕਾਰੀਆਂ ਨੂੰ ਦੋ ਮਾਮਲਿਆਂ ਵਿੱਚ 5-5 ਸਾਲ ਦੀ ਕੈਦ ਅਤੇ ਦੋ ਹੋਰ ਮਾਮਲਿਆਂ ਵਿੱਚ 2-2 ਸਾਲ ਕੈਦ ਦੀ ਸਜ਼ਾ ਵੀ ਸੁਣਾਈ ਗਈ ਹੈ। ਦੋਸ਼ੀਆਂ ਵਿੱਚ ਇੰਸਪੈਕਟਰ ਸੂਬਾ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ, ਸਬ-ਇੰਸਪੈਕਟਰ ਸੁਖਦੇਵ ਸਿੰਘ, ਸੁਖਦੇਵ ਰਾਜ ਜੋਸ਼ੀ ਤੇ ਲੱਖਾ ਸਿੰਘ ਅਤੇ ਏਐੱਸਆਈ ਸੂਬਾ ਸਿੰਘ ਸ਼ਾਮਲ ਹਨ। ਸਬੂਤਾਂ ਦੀ ਘਾਟ ਕਾਰਨ ਤਿੰਨ ਅਫ਼ਸਰਾਂ ਏਆਈਜੀ ਕਸ਼ਮੀਰ ਸਿੰਘ ਗਿੱਲ, ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਅਤੇ ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਤਕਾਲੀ ਐੱਸਐੱਸਪੀ ਅਜੀਤ ਸਿੰਘ ਸੰਧੂ ਸਣੇ ਅੱਠ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਸੁਣਵਾਈ ਅੱਜ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਦੋਸ਼ੀ ਪੁਲੀਸ ਅਧਿਕਾਰੀਆਂ ਨੇ ਸਾਲ 1993 ਵਿੱਚ ਕਾਰਸੇਵਾ ਵਾਲੇ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਸਮੇਤ ਪਰਿਵਾਰ ਦੇ ਛੇ ਜੀਆਂ ਨੂੰ ਘਰੋਂ ਚੁੱਕ ਕੇ ਮੌਤ ਦੇ ਘਾਟ ਉਤਾਰਿਆ ਸੀ।
ਜਾਣਕਾਰੀ ਅਨੁਸਾਰ ਬਾਬਾ ਚਰਨ ਸਿੰਘ ਬੀੜ ਸਾਹਿਬ ਕੋਲ ਲਗਭਗ 35 ਗੁਰਦੁਆਰਿਆਂ ਦੀ ਕਾਰ ਸੇਵਾ ਦਾ ਪ੍ਰਬੰਧ ਸੀ। ਅਪਰੈਲ 1993 ਵਿੱਚ ਬਾਬਾ ਚਰਨ ਸਿੰਘ, ਉਨ੍ਹਾਂ ਦੇ ਭਰਾਵਾਂ ਬਾਬਾ ਮੇਜਾ ਸਿੰਘ, ਜਥੇਦਾਰ ਕੇਸਰ ਸਿੰਘ ਅਤੇ ਜਥੇਦਾਰ ਗੁਰਦੇਵ ਸਿੰਘ ਸਣੇ ਬਾਬੇ ਦੇ ਭਤੀਜੇ ਬਲਵਿੰਦਰ ਸਿੰਘ, ਜੋ ਪੁਲੀਸ ਵਿੱਚ ਸਿਪਾਹੀ ਸੀ ਅਤੇ ਉਸ ਦੇ ਪਿਤਾ ਗੁਰਮੇਲ ਸਿੰਘ ਨੂੰ ਤਰਨ ਤਾਰਨ ਪੁਲੀਸ ਨੇ ਉਸ ਸਮੇਂ ਦੇ ਐੱਸਐੱਸਪੀ ਅਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਐੱਸਪੀ ਗੁਰਜੀਤ ਸਿੰਘ ਰੰਧਾਵਾ ਅਤੇ ਇੰਸਪੈਕਟਰ ਸੂਬਾ ਸਿੰਘ ਸਮੇਤ ਹੋਰਨਾਂ ਪੁਲੀਸ ਮੁਲਾਜ਼ਮਾਂ ਨੇ ਵੱਖ-ਵੱਖ ਥਾਵਾਂ ਤੋਂ ਫੜ ਕੇ ਝੂਠਾ ਪੁਲੀਸ ਮੁਕਾਬਲਾ ਦਿਖਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲੀਸ ਨੇ ਆਪਣੇ ਰਿਕਾਰਡ ਵਿੱਚ ਇਹ ਦਰਸਾਇਆ ਸੀ ਕਿ ਇਹ ਵਿਅਕਤੀ ਪੁਲੀਸ ਹਿਰਾਸਤ ’ਚੋਂ ਫ਼ਰਾਰ ਹੋਣ ਲੱਗੇ ਸੀ ਅਤੇ ਪੁਲੀਸ ਗੋਲੀਆਂ ਨਾਲ ਮਾਰੇ ਗਏ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਦਾ ਨਾਂ ਵੀ ਉਛਲਿਆ ਸੀ, ਕਿਉਂਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਦੋਂ ਉਹ ਐੱਸਪੀ ਦੇ ਅਹੁਦੇ ’ਤੇ ਤਾਇਨਾਤ ਸੀ।
ਸ਼ਿਕਾਇਤਕਰਤਾ ਦੇ ਵਕੀਲਾਂ ਸਰਬਜੀਤ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ਼ ਪ੍ਰਾਪਤੀ ਲਈ ਕਾਨੂੰਨੀ ਚਾਰਾਜੋਈ ਕੀਤੀ ਗਈ ਪਰ ਪੁਲੀਸ ਨੇ ਚਾਰ ਸਾਲ ਕੋਈ ਕਾਰਵਾਈ ਨਹੀਂ ਕੀਤੀ। ਥੱਕ-ਹਾਰ ਕੇ ਬਾਬਾ ਚਰਨ ਸਿੰਘ ਦੀ ਪਤਨੀ ਬੀਬੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ।