ਟਕਸਾਲੀਆਂ ਲਈ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਲਈ ਦਰ ਖੁੱਲ੍ਹੇ: ਚੀਮਾ
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਵੱਖਰਾ ਦਲ ਬਣਾਉਣ ਲਈ ਕਾਹਲੇ ਤੇ ਇੱਕ ਦੂਸਰੇ ਤੋਂ ਵਿਸ਼ਵਾਸ ਗਵਾ ਚੁੱਕੇ ਸਮੂਹ ਟਕਸਾਲੀ ਜੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਪਾਰਟੀ ਦੇ ਦਰ ਹਮੇਸ਼ਾ ਖੁੱਲ੍ਹੇ ਹਨ, ਕਿਉਂਕਿ ਜੇ ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਹੀ। ਉਨ੍ਹਾਂ ਕਿਹਾ ਕਿ ਅੱਜ ਜਿੰਨੇ ਵੀ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਵੱਖੋ ਵੱਖਰੀ ਸੁਰ ਅਲਾਪ ਰਹੇ ਸਨ, ਉਹ ਸਾਰੇ ਇੱਕ-ਦੂਸਰੇ ਤੋਂ ਵਿਸ਼ਵਾਸ ਗੁਆ ਚੁੱਕੇ ਹਨ ਕਿਉਂਕਿ ਉਨ੍ਹਾਂ ਵੱਲੋਂ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਮੰਨਣ ਤੋਂ ਇਨਕਾਰੀ ਹੋਣਾ ਇਸ ਦਾ ਸਪੱਸ਼ਟ ਸਬੂਤ ਹੈ। ਟਕਸਾਲੀਆਂ ਦੀ ਘਰ ਵਾਪਸੀ ਸਬੰਧੀ ਉਨ੍ਹਾਂ ਕਿਹਾ ਕਿ ਪਾਰਟੀਆਂ ਲੋਕਾਂ ਨਾਲ ਹੁੰਦੀਆਂ ਹਨ ਕਿਸੇ ਦੀਆਂ ਨਿੱਜੀ ਜਗੀਰ ਨਹੀਂ। ਜੇ ਗੁੰਮਰਾਹ ਹੋ ਕੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਲੀਡਰ ਜੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣਾ ਚਾਹੁੰਦੇ ਹਨ ਤਾਂ ਇਸ ਗੱਲ ਦਾ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ।