ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਤੋਂ ਸਿਆਸਤ ਭਖੀ
ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਸੂਬੇ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (‘ਆਪ’), ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪਾਰਟੀਆਂ ਨੇ ਡੀਜਪੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਛੇ ਘੰਟਿਆਂ ਦੇ ਸਮੇਂ ਵਿੱਚ ਹੀ ਪਾਕਿਸਤਾਨ ਵੱਲੋਂ ਅਤਿਵਾਦੀ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾ ਸਕਦੀ ਹੈ। ਇਨ੍ਹਾਂ ਨੂੰ ਮੁਕੰਮਲ ਰੂਪ ਵਿੱਚ ਸਿਖਲਾਈ ਯਾਫ਼ਤਾ ਅਤਿਵਾਦੀ ਮੰਨਿਆ ਜਾ ਸਕਦਾ ਹੈ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਦਿਨਕਰ ਗੁਪਤਾ ਨੂੰ ਕਾਂਗਰਸ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇ ਕੇ ਡੀਜੀਪੀ ਬਣਾਇਆ ਗਿਆ ਸੀ ਅਤੇ ਇਸ ਪੁਲੀਸ ਅਧਿਕਾਰੀ ਵੱਲੋਂ ਕਾਂਗਰਸ ਤੇ ਖਾਸ ਕਰਕੇ ਗਾਂਧੀ ਪਰਿਵਾਰ ਦਾ ਅਹਿਸਾਨ ਉਤਾਰਨ ਲਈ ਸਿੱਖਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਤੋਂ ਲੈ ਕੇ ਹੁਣ ਤੱਕ 50 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਅਕਾਲੀ ਆਗੂ ਨੇ ਡੀਜੀਪੀ ਨੂੰ ਸਵਾਲ ਕੀਤਾ ਕਿ ਕੀ ਸਾਰੇ 50 ਹਜ਼ਾਰ ਹੀ ਅਤਿਵਾਦੀ ਬਣ ਗਏ ਤੇ ਜੇਕਰ ਬਣ ਗਏ ਤਾਂ ਪੁਲੀਸ ਤਫ਼ਤੀਸ਼ ਕਿਉਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਇਸ ਲਾਂਘੇ ਨੂੰ ਬੰਦ ਕਰਾਉਣ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਤੇ ਡੀਜੀਪੀ ਦਾ ਬਿਆਨ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਇਸ ਬਿਆਨ ਦੀ ਨਿੰਦਾ ਨਾ ਕੀਤੀ ਤਾਂ ਸੋਮਵਾਰ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ। ਅਕਾਲੀ ਦਲ ਟਕਸਾਲੀ ਦੇ ਬੁਲਾਰੇ ਬੀਰਦਵਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਹਟਾ ਕੇ ਧਾਰਾ 295 ਤਹਿਤ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਗੁਪਤਾ ਦਾ ਬਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਘੇ ਖ਼ਿਲਾਫ਼ ਜੋ ਬਿਆਨਬਾਜ਼ੀ ਕੀਤੀ ਗਈ ਸੀ, ਉਸੇ ਯੋਜਨਾ ਨੂੰ ‘ਡੋਵਾਲ’ ਦੀ ਸ਼ਹਿ ’ਤੇ ਸਿਰੇ ਚਾੜ੍ਹਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡੀਜੀਪੀ ਨੂੰ ਤੁਰੰਤ ਬਰਤਰਫ ਕਰਨ ਅਤੇ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ‘ਆਪ’ ਦੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਦੇ ਇਸ ਬਿਆਨ ’ਤੇ ਸਪੱਸ਼ਟੀਕਰਨ ਨਹੀਂ ਦਿੰਦੇ ਤਾਂ ਮੰਨਿਆ ਜਾਵੇਗਾ ਕਿ ਲਾਂਘੇ ਨੂੰ ਬੰਦ ਕਰਾਉਣ ਲਈ ਮੁੱਖ ਮੰਤਰੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਮੰਗ ਕੀਤੀ ਕਿ ਦਿਨਕਰ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਲਾਹ ਕੇ ਅਤਿਵਾਦੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੀਜੀਪੀ ਦੇ ਸਬੰਧ ਤਾਂ ਖ਼ੁਦ ਪਾਕਿਸਤਾਨੀਆਂ ਨਾਲ ਹਨ ਤੇ ਇਹ ਸਿੱਖਾਂ ਨੂੰ ਅਤਿਵਾਦੀ ਗਰਦਾਨ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਡੀਜੀਪੀ ਗੁਪਤਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੀਜੀਪੀ ਵਰਗੇ ਬੇਹੱਦ ਜ਼ਿੰਮੇਵਾਰ ਅਹੁਦੇ ’ਤੇ ਬੈਠ ਕੇ ਅਜਿਹਾ ਬਿਆਨ ਦੇਣਾ ਮੰਦਭਾਗਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਭਾਜਪਾ ਅਤੇ ਆਰ.ਐੱਸ.ਐੱਸ. ਦੀ ਬੋਲੀ ਬੋਲ ਰਹੇ ਹਨ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਨਾਲ-ਨਾਲ ਭਾਈਚਾਰਕ ਸਾਂਝ ਲਈ ਖ਼ਤਰਾ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਕੇ ਉਨ੍ਹਾਂ ’ਤੇ ਮੁਕੱਦਮਾ ਦਰਜ ਕਰਾਉਣ। ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਸਵਾਲ ਕੀਤਾ ਕਿ ਹੁਣ ਤੱਕ ਪੰਜਾਬ ਸਰਕਾਰ ਦੇ ਕਰੀਬ ਸਾਰੇ ਨੁਮਾਇੰਦੇ (ਮੁੱਖ ਮੰਤਰੀ ਸਮੇਤ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਵਿਧਾਇਕ ਅਤੇ ਉੱਚ ਅਧਿਕਾਰੀ ਵੀ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕ ਆਏ ਹਨ, ਕੀ ਉਹ ਸਾਰੇ ਅਤਿਵਾਦੀ ਰੰਗ ’ਚ ਰੰਗੇ ਗਏ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਨਾ-ਕਾਬਲ ਡੀਜੀਪੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿਨਕਰ ਗੁਪਤਾ ਦੀ ਨਾ-ਕਾਬਲੀਅਤ ’ਤੇ ਇਸ ਤੋਂ ਪਹਿਲਾਂ ਕੈਟ ਦੀ ਮੋਹਰ ਲੱਗ ਚੁੱਕੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡੀਜੀਪੀ ਵਿਰੁੱਧ ਕਾਰਵਾਈ ਨਹੀਂ ਕੀਤੀ ਤਾਂ ‘ਆਪ’ ਵਿਧਾਇਕ ਵਿਧਾਨ ਸਭਾ ਦਾ ਇਜਲਾਸ ਚੱਲਣ ਨਹੀਂ ਦੇਣਗੇ।