ਢਿੱਲਵਾਂ ਕਤਲ ਮਾਮਲਾ: ਸੁਖਬੀਰ ਤੇ ਰੰਧਾਵਾ ਦਰਮਿਆਨ ਰਾਜਨੀਤੀ ਭਖ਼ੀ
ਸ਼੍ਰੋਮਣੀ ਅਕਾਲੀ ਦਲ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਰਮਿਆਨ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦੇ ਮੁੱਦੇ ’ਤੇ ਰਾਜਨੀਤੀ ਭਖਦੀ ਜਾ ਰਹੀ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜੇਲ੍ਹ ਮੰਤਰੀ ਖਿਲਾਫ਼ ਖੋਲ੍ਹੇ ਮੋਰਚੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋ ਗਏ ਹਨ। ਸੁਖਜਿੰਦਰ ਸਿੰਘ ਰੰਧਾਵਾ ਦੇ ਪੱਖ ਵਿੱਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਾਂਗਰਸੀ ਆਗੂ ਨਿੱਤਰੇ ਹੋਏ ਹਨ। ਸ੍ਰੀ ਬਾਦਲ ਨੇ ਇਸ ਮਾਮਲੇ ’ਤੇ ਰਾਜਨੀਤੀ ਭਖਾਉਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਕਰਕੇ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦੇ ਮਾਮਲੇ ਨੂੰ ‘ਸਿਆਸੀ ਕਤਲ’ ਕਰਾਰ ਦਿੱਤਾ ਹੈ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਚ ਐਲ ਦੱਤੂ ਨੂੰ ਲਿਖੀ ਚਿੱਠੀ ਵਿਚ ਅਕਾਲੀ ਦਲ ਪ੍ਰਧਾਨ ਨੇ ਅਪੀਲ ਕੀਤੀ ਕਿ ਕਮਿਸ਼ਨ ਬਟਾਲਾ ਦੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਨੂੰ ਤੁਰੰਤ ਹੁਕਮ ਦੇ ਕੇ ਪੀੜਤ ਪਰਿਵਾਰ ਦੇ ਬਿਆਨ ਕਲਮਬੰਦ ਕਰਵਾਉਣ ਅਤੇ ਇਨ੍ਹਾਂ ਬਿਆਨਾਂ ਨੂੰ ਐਫਆਈਆਰ ਵਿਚ ਤਬਦੀਲ ਕਰਨ ਦਾ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਹਮਲਾਵਰਾਂ ਨੇ ਦਲਬੀਰ ਨੂੰ 15 ਗੋਲੀਆਂ ਮਾਰੀਆਂ ਤੇ ਉਸ ਦੀਆਂ ਦੋਵੇਂ ਲੱਤਾਂ ਵੀ ਵੱਢ ਦਿੱਤੀਆਂ ਸਨ। ਇਸ ਦੇ ਬਾਵਜੂਦ ਅਜੇ ਤਕ ਨਾ ਤਾਂ ਕੋਈ ਹਮਲਾਵਰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਪੀੜਤ ਪਰਿਵਾਰ ਦੀ ਸ਼ਿਕਾਇਤ ਦਰਜ ਕੀਤੀ ਗਈ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਸ ਕਾਂਡ ਨੂੰ ਵਾਪਰਿਆਂ ਚਾਰ ਦਿਨ ਤੋਂ ਵੱਧ ਹੋ ਚੁੱਕੇ ਹਨ ਅਤੇ ਪੀੜਤ ਪਰਿਵਾਰ ਅਜੇ ਤਕ ਆਪਣਾ ਬਿਆਨ ਦਰਜ ਕਰਵਾਉਣ ਵਾਸਤੇ ਖੱਜਲ ਖੁਆਰ ਹੋ ਰਿਹਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਬਟਾਲਾ ਪੁਲੀਸ ਇਸ ਮਾਮਲੇ ਵਿਚ ਇਸ ਲਈ ਕਾਰਵਾਈ ਨਹੀਂ ਕਰ ਰਹੀ ਹੈ, ਕਿਉਂਕਿ ਦਲਬੀਰ ਢਿੱਲਵਾਂ ਦੇ ਪੁੱਤਰ ਸੰਦੀਪ ਸਿੰਘ ਨੇ ਸੂਬੇ ਦੇ ਡੀਜੀਪੀ ਨੂੰ ਲਿਖੀ ਚਿੱਠੀ ਵਿਚ ਇਹ ਦੋਸ਼ ਲਾਇਆ ਹੈ ਕਿ ਉਸ ਦੇ ਪਿਤਾ ਦਾ ਕਤਲ ਇਲਾਕੇ ਦੇ ਵਿਧਾਇਕ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਮਾਣ ਰਹੇ ਕਾਂਗਰਸੀਆਂ ਨੇ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਟਾਲਾ ਦਾ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਕਾਂਗਰਸੀ ਬੁਲਾਰੇ ਵਾਂਗ ਕੰਮ ਕਰ ਰਿਹਾ ਹੈ। ਪਰਿਵਾਰ ਦੇ ਦੱਸਿਆ ਹੈ ਕਿ ਦਲਬੀਰ ਦੇ ਕਤਲ ਤੋਂ 15 ਮਿੰਟ ਬਾਅਦ ਹੀ ਐਸਐਸਪੀ ਨੇ ਇਹ ਬਿਆਨ ਜਾਰੀ ਕਰ ਦਿੱਤਾ ਸੀ ਕਿ ਦਲਬੀਰ ਦਾ ਕਤਲ ਸਿਆਸੀ ਕਤਲ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀੜਤ ਧਿਰ ਮੁਤਾਬਕ ਇਸ ਕਤਲ ਵਿਚ ਇਲਾਕੇ ਦੇ ਨਾਮੀ ਬਦਮਾਸ਼ ਜੱਗੂ ਭਗਵਾਨਪੁਰੀਆ ਦਾ ਵੀ ਹੱਥ ਹੈ। ਪੀੜਤ ਪਰਿਵਾਰ ਨੇ ਇਹ ਵੀ ਦੱਸਿਆ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਬਿਆਨਾਂ ਮੁਤਾਬਿਕ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੀ ਨਿਗਰਾਨੀ ਹੇਠ ਜੱਗੂ ਨੂੰ ਜੇਲ੍ਹ ਵਿਚ ਬੈਠ ਕੇ ਆਪਣਾ ਜੁਰਮ ਦਾ ਧੰਦਾ ਚਲਾਉਣ ਦੀ ਖੁੱਲ੍ਹ ਦਿੱਤੀ ਹੋਈ ਹੈ।