ਦਰਬਾਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਇਆ

ਦਰਬਾਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਇਆ

ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦਾ 399ਵਾਂ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਬਿਨਾਂ ਸੰਗਤ ਦੇ ਸੰਕੇਤਕ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀ ਸਿੱਖ ਕੌਮ ਨੂੰ 13 ਅਪਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਆਪੋ ਆਪਣੇ ਘਰਾਂ ਵਿਚ ਰਹਿ ਕੇ ਗੁਰਬਾਣੀ ਦਾ ਪਾਠ ਕਰ ਕੇ ਮਨਾਉਣ ਦੀ ਅਪੀਲ ਕੀਤੀ। ਅੱਜ ਗੁਰਪੁਰਬ ਕਾਰਨ ਕੁਝ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਜਲੌਅ ਸਜਾਏ ਗਏ।
ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਰੋਨਾ ਕਾਰਨ ਅੱਜ ਪ੍ਰਕਾਸ਼ ਪੁਰਬ ਸੰਕੇਤਕ ਰੂਪ ਵਿਚ ਮਨਾਇਆ ਗਿਆ ਹੈ। 400ਵਾਂ ਪ੍ਰਕਾਸ਼ ਪੁਰਬ ਅਗਲੇ ਵਰ੍ਹੇ ਆਵੇਗਾ ਪਰ ਇਸ ਦੌਰਾਨ ਸਾਰਾ ਸਾਲ ਗੁਰਮਤਿ ਸਮਾਗਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਇਨ੍ਹਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾਣੀ ਸੀ ਪਰ ਕਰੋਨਾ ਕਾਰਨ ਫਿਲਹਾਲ ਇਹ ਸਮਾਗਮ ਅਗਾਂਹ ਪਾ ਦਿੱਤੇ ਗਏ ਹਨ ਅਤੇ ਹਾਲਾਤ ਸੁਖਾਵੇਂ ਹੋਣ ਮਗਰੋਂ ਹੀ ਵੱਖ ਵੱਖ ਥਾਵਾਂ ’ਤੇ ਮੁੱਖ ਸਮਾਗਮ ਕੀਤੇ ਜਾਣਗੇ।
ਵਿਸਾਖੀ ਦੇ ਦਿਹਾੜੇ ਬਾਰੇ ਉਨ੍ਹਾਂ ਆਖਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਘਰਾਂ ਵਿਚ ਗੁਰਬਾਣੀ ਦਾ ਪਾਠ ਕਰਕੇ ਮਨਾਉਣ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੀ ਵੀ ਸਿੱਖ ਸੰਗਤ ਨੂੰ ਅਪੀਲ ਹੈ ਕਿ ਉਹ ਆਪੋ-ਆਪਣੇ ਘਰਾਂ ਵਿਚ ਰਹਿਣ ਅਤੇ ਗੁਰਬਾਣੀ ਦਾ ਪਾਠ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ।

Radio Mirchi