ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਲਈ ਕਿਸਾਨਾਂ ਦੀ ਲਾਮਬੰਦੀ
ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਜ਼ੋਰਦਾਰ ਹੱਲਾ ਬੋਲਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਹੈ ਕਿ ਮੋਦੀ ਸਰਕਾਰ ਤੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲੈਣਗੇ। ਸੂਬੇ ਵਿੱਚ ਚੱਲ ਰਹੇ ਸਵਾ ਸੌ ਤੋਂ ਵੱਧ ਧਰਨਿਆਂ ਅਤੇ 1245 ਪਿੰਡਾਂ ਵਿੱਚ ਕੀਤੀਆਂ ਟਰੈਕਟਰ ਮਸ਼ਕਾਂ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਦੇਸ਼ ਦੇ ਕਿਸਾਨਾਂ ਦਾ ਇਕੱਠ ਮੋਦੀ ਸਰਕਾਰ ਦੇ ਭਰਮ ਭੁਲੇਖੇ ਦੂਰ ਕਰ ਦੇਵੇਗਾ। ਨਵੀਂ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਮੰਤਰੀਆਂ ਨਾਲ ਹੋ ਰਹੀਆਂ ਮੀਟਿੰਗਾਂ ’ਤੇ ਟਿੱਪਣੀ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਹ ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਚੱਲ ਰਹੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੀ ਹੈ ਕਿ ਮੋਦੀ ਸਰਕਾਰ ਹੰਕਾਰ ਛੱਡ ਕੇ ਖੇਤੀ ਕਾਨੂੰਨਾਂ ’ਤੇ ਅਮਲ ਮੁਲਤਵੀ ਕਰਨ ਲਈ ਰਾਜ਼ੀ ਹੋਈ ਹੈ। ਬੁਲਾਰਿਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨੀ ਏਕੇ ਅਤੇ ਸ਼ਾਂਤਮਈ ਸੰਘਰਸ਼ ਨੇ ਕੇਂਦਰੀ ਹਕੂਮਤ ਨੂੰ ਝੁਕਾਇਆ ਹੈ, ਉਸ ਤੋਂ ਸਾਫ਼ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਅੱਕ ਵੀ ਜਲਦੀ ਚੱਬੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ ਮਹਿਜ਼ ਕਿਸਾਨੀ ਮੰਗਾਂ ਤਕ ਸੀਮਤ ਨਹੀਂ ਰਿਹਾ, ਸਗੋਂ ਮੁਲਕ ਦੇ ਹਰ ਵਰਗ ਦੀ ਜਾਗਰੂਕਤਾ ਦਾ ਆਧਾਰ ਬਣ ਗਿਆ ਹੈ। ਇਸ ਲਈ ਮੋਦੀ ਸਰਕਾਰ ਨੂੰ ਫਾਸ਼ੀਵਾਦੀ ਨੀਤੀਆਂ ਤਿਆਗਣੀਆਂ ਪੈਣਗੀਆਂ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਚਾਹੁੰਦੀ ਹੈ ਤਾਂ ਕਿਸਾਨ ਉਸ ਲਈ ਵੀ ਤਿਆਰ ਹਨ ਪਰ ਕਿਸਾਨ ਸ਼ਾਂਤਮਈ ਅੰਦੋਲਨ ਨਾਲ ਹੀ ਸਰਕਾਰ ਨੂੰ ਝੁਕਾ ਦੇਣਗੇ। ਉਧਰ, ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਕਿਸਾਨ ਪਰੇਡ ਦੀ ਰਿਹਰਸਲ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਦੂਜੇ ਦਿਨ 16 ਜ਼ਿਲ੍ਹਿਆਂ ਦੇ 1245 ਪਿੰਡਾਂ ਵਿੱਚ 15,000 ਤੋਂ ਵੱਧ ਟਰੈਕਟਰਾਂ ਨਾਲ ਭਾਜਪਾ ਹਕੂਮਤ ਵਿਰੁੱਧ ਰੋਸ ਮਾਰਚ ਕੀਤੇ ਗਏ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ’ਚ ਟਰੈਕਟਰ ਮਾਰਚ ਕੱਢਣ ਦਾ ਉਦੇਸ਼ 26 ਜਨਵਰੀ ਦੀ ‘ਟਰੈਕਟਰ ਪਰੇਡ’ ਲਈ ਕਿਸਾਨਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਨੌਜਵਾਨਾਂ, ਕਿਸਾਨਾਂ-ਮਜ਼ਦੂਰਾਂ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ। ਕੁਝ ਜ਼ਿਲ੍ਹਿਆਂ ਵਿੱਚ ਇਹ ਮਾਰਚ ਭਲਕੇ ਵੀ ਕੀਤੇ ਜਾਣਗੇ। ਕਿਸਾਨ ਜਥੇਬੰਦੀਆਂ ਨੂੰ ਪੰਜਾਬ ਤੋਂ ਗਣਤੰਤਰ ਦਿਵਸ ਮੌਕੇ ਲੱਖਾਂ ਟਰੈਕਟਰਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਸਮੇਤ ਕੌਮੀ ਰਾਜਧਾਨੀ ’ਚ ਪੁੱਜਣ ਦੀ ਉਮੀਦ ਹੈ।
ਇਸ ਦੌਰਾਨ ਅੱਜ ਚੀਮਾ (ਬਰਨਾਲਾ) ਵਿੱਚ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਕਮੇਟੀ ਦੀ ਮੀਟਿੰਗ ਵਿੱਚ 23 ਜਨਵਰੀ ਨੂੰ ਖਨੌਰੀ ਅਤੇ ਡੱਬਵਾਲੀ ਤੋਂ ਦਿੱਲੀ ਵੱਲ ਕੂਚ ਕਰਨ ਵਾਲੇ ਵੱਡੇ ਟਰੈਕਟਰ ਕਾਫ਼ਲਿਆਂ ਦੀ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਸੁਖਦੀਪ ਸਿੰਘ ਕੋਠਾਗੁਰੂ, ਚਮਕੌਰ ਸਿੰਘ, ਜਸਵਿੰਦਰ ਸਿੰਘ ਬਰਾਸ ਅਤੇ ਸੁਨੀਲ ਕੁਮਾਰ ਤੋਂ ਇਲਾਵਾ 12 ਜ਼ਿਲ੍ਹਿਆਂ ਦੇ ਨੁਮਾਇੰਦੇ ਸ਼ਾਮਲ ਸਨ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਦੇ ਪ੍ਰਭਾਵ ਵਾਲੇ ਸਾਰੇ ਟਰੈਕਟਰ ਦਿੱਲੀ ਹੀ ਪੁੱਜਣਗੇ ਅਤੇ 26 ਨੂੰ ਪੰਜਾਬ ਵਿੱਚ ਕੋਈ ਟਰੈਕਟਰ ਮਾਰਚ ਨਹੀਂ ਹੋਵੇਗਾ। ਕਿਸਾਨਾਂ ਮਜ਼ਦੂਰਾਂ, ਨੌਜਵਾਨਾਂ ਨੂੰ ਭੜਕਾਊ ਕਾਰਵਾਈਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਗਿਆ।