ਦੋ ਗੁਰੂ ਸਾਹਿਬਾਨ ਅਤੇ ਭਾਈ ਮਰਦਾਨਾ ਜੀ ਦੇ ਨਾਂ ’ਤੇ ਪਾਕਿ ਰੱਖੇਗਾ ਇਨ੍ਹਾਂ ਮਾਰਗਾਂ ਦਾ ਨਾਮ
ਅਜਨਾਲਾ — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੋਲ੍ਹੇ ਜਾ ਰਹੇ ਕਰਤਾਰਪੁਰ ਲਾਂਘੇ ਨਾਲ ਸਿੱਖ ਸੰਗਤਾਂ 'ਚ ਕਾਫੀ ਉਤਸ਼ਾਹ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਲਾਂਘੇ ਦੇ 3 ਮਾਰਗਾਂ ਦੇ ਨਾਂ ਸ੍ਰੀ ਗੁਰੂ ਨਾਨਕ ਦੇਵ ਮਾਰਗ, ਭਾਈ ਮਰਦਾਨਾ ਜੀ ਮਾਰਗ ਅਤੇ ਭਾਈ ਲਹਿਣਾ ਜੀ ਮਾਰਗ (ਗੁਰੂ ਅੰਗਦ ਦੇਵ ਜੀ) 'ਤੇ ਰੱਖੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਨ੍ਹਾਂ ਮਾਰਗਾਂ ਦਾ ਉਦਘਾਟਨ ਕੀਤਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਲਾਂਘੇ ਦਾ ਤਕਰੀਬਨ ਕਾਫੀ ਕੰਮ ਪੂਰਾ ਹੋ ਚੁੱਕਾ ਹੈ। ਭਾਰਤ-ਪਾਕਿਸਤਾਨ ਵਲੋਂ ਜ਼ੋਰਾਂ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਵਿਸ਼ਰਾਮ ਅਸਥਾਨ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤਾਂ ਆਨਲਾਈਨ ਵੀਜ਼ਾ ਅਪਲਾਈ ਕਰ ਸਕਦੀਆਂ ਹਨ। ਯਾਤਰੀਆਂ ਨੂੰ ਇਸ ਦੌਰਾਨ ਪਾਸਪੋਰਟ ਸਣੇ ਕੁੱਝ ਹੋਰ ਦਸਤਾਵੇਜ਼ ਲੈ ਜਾਣੇ ਪੈਣਗੇ। ਭਾਰਤ 'ਚ ਰਹਿੰਦੇ ਬਹੁਤ ਸਾਰੇ ਲੋਕਾਂ ਕੋਲ ਪਾਸਪੋਰਟ ਨਹੀਂ ਹਨ, ਇਸ ਲਈ ਇਨ੍ਹਾਂ ਲਈ ਪਾਸਪੋਰਟ ਸੇਵਾ ਕੇਂਦਰ ਖੋਲ੍ਹੇ ਜਾਣਗੇ ਤਾਂ ਕਿ ਲੋਕ ਆਸਾਨੀ ਨਾਲ ਪਾਸਪੋਰਟ ਬਣਵਾ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ। ਸ਼ਰਧਾਲੂ 10 ਨਵੰਬਰ ਤੋਂ ਨਨਕਾਣਾ ਸਾਹਿਬ ਦੀ ਯਾਤਰਾ ਕਰ ਸਕਣਗੇ। ਪੀ. ਐੱਮ. ਮੋਦੀ 8-9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕਰਨਗੇ। ਇੱਥੇ ਦੱਸ ਦਈਏ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ।