ਧਾਰਾ 371 ਨੂੰ ਮਨਸੂਖ਼ ਕਰਨ ਦਾ ਕੋਈ ਇਰਾਦਾ ਨਹੀਂ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਦਾ ਉੱਤਰ-ਪੂਰਬੀ ਰਾਜਾਂ ਵਿੱਚ ਧਾਰਾ 371 ਨੂੰ ਮਨਸੂਖ਼ ਕਰਨ ਦਾ ਕੋਈ ਇਰਾਦਾ ਨਹੀਂ ਹੈ। ਸ਼ਾਹ ਨੇ ਕਿਹਾ ਕਿ ਇਸ ਬਾਬਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਭੋਰਾ ਵੀ ਸੱਚਾਈ ਨਹੀਂ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਉੱਤਰ-ਪੂਰਬ ਦੇ ਨਿਵੇਕਲੇ ਸਭਿਆਚਾਰ ਦੀ ਰਾਖੀ ਲਈ ਵਚਨਬੱਧ ਹੈ। ਧਾਰਾ 371 ਤਹਿਤ ਉੱਤਰ ਪੂਰਬ ਦੇ ਬਹੁਤੇ ਰਾਜਾਂ ਨੂੰ ਵਿਸ਼ੇਸ਼ ਤਾਕਤਾਂ ਹਾਸਲ ਹਨ, ਜਿਨ੍ਹਾਂ ਦਾ ਮੁੱਖ ਮਕਸਦ ਇਥੋਂ ਦੀ ਸਭਿਆਚਾਰਕ ਵਿਰਾਸਤ ਤੇ ਰੀਤੀ ਰਿਵਾਜਾਂ ਨਾਲ ਸਬੰਧਤ ਕਾਨੂੰਨਾਂ ਦੀ ਰਾਖੀ ਕਰਨਾ ਹੈ। ਸ੍ਰੀ ਸ਼ਾਹ ਨੇ ਅਰੁਣਾਚਲ ਪ੍ਰਦੇਸ਼ ਦੇ 34ਵੇਂ ਸਥਾਪਨਾ ਦਿਹਾੜੇ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਂਦਰ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਉੱਤਰ-ਪੂਰਬ ਦੇਸ਼ ਦੇ ਹੋਰਨਾਂ ਹਿੱਸਿਆਂ ਨਾਲ ਭੂਗੋਲਿਕ ਤੌਰ ’ਤੇ ਜੁੜਿਆ ਹੋਇਆ ਸੀ, ਪਰ ਇਸ ਖਿੱਤੇ ਦਾ ਬਾਕੀ ਦੇਸ਼ ਨਾਲ ਅਸਲ ਭਾਵਨਾਤਮਕ ਰਲੇਵਾਂ ਮੋਦੀ ਸਰਕਾਰ ਆਉਣ ਮਗਰੋਂ ਹੀ ਸੰਭਵ ਹੋਇਆ। ਉਨ੍ਹਾਂ ਕਿਹਾ, ‘ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਮਗਰੋਂ ਅਫ਼ਵਾਹਾਂ ਫੈਲਾਈ ਜਾ ਰਹੀ ਸੀ ਕਿ ਹੁਣ ਧਾਰਾ 371 ਵੀ ਰੱਦ ਕੀਤੀ ਜਾਵੇਗੀ। ਪਰ ਅਜਿਹਾ ਕਦੇ ਵੀ ਨਹੀਂ ਹੋਵੇਗਾ। ਕਿਸੇ ਦੀ ਵੀ ਅਜਿਹੀ ਕੋਈ ਮਨਸ਼ਾ ਨਹੀਂ ਹੈ।’ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤਿਵਾਦ ਤੇ ਅੰਤਰਰਾਜੀ ਸਰਹੱਦਾਂ ਨਾਲ ਜੁੜੇ ਝਗੜੇ ਝੇੜਿਆਂ ਦਾ ਹੱਲ ਕੱਢਣ ਲਈ ਵਚਨਬੱਧ ਹੈ। ਸ੍ਰੀ ਸ਼ਾਹ ਨੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਵਾਲੇ ਮੁੱਖ ਮੰਤਰੀ ਪੇਮਾ ਖਾਂਡੂ ਦੀ ਵੀ ਤਾਰੀਫ਼ ਕੀਤੀ। ਕੇਂਦਰੀ ਮੰਤਰੀ ਨੇ ਇਸ ਮੌਕੇ ਸੜਕੀ ਪ੍ਰਾਜੈਕਟ, ਵਿਧਾਇਕਾਂ ਲਈ ਉਸਾਰੇ ਨਵੇਂ ਅਪਾਰਟਮੈਂਟਾਂ ਤੇ ਸੀਨੀਅਰ ਅਧਿਕਾਰੀਆਂ ਲਈ ਹਾਊਸਿੰਗ ਪ੍ਰਾਜੈਕਟ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਤੇ ਖੇਡ ਮੰਤਰੀ ਕਿਰਨ ਰਿਜਿਜੂ ਵੀ ਮੌਜੂਦ ਸਨ।