ਨਨਕਾਣਾ ਸਾਹਿਬ ਪ੍ਰਕਾਸ਼ ਪੁਰਬ ਮਨਾ ਕੇ ਪਰਤੇ ਸਿੱਖ ਸ਼ਰਧਾਲੂ

ਨਨਕਾਣਾ ਸਾਹਿਬ ਪ੍ਰਕਾਸ਼ ਪੁਰਬ ਮਨਾ ਕੇ ਪਰਤੇ ਸਿੱਖ ਸ਼ਰਧਾਲੂ

ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਚ ਪ੍ਰਕਾਸ਼ ਪੁਰਬ ਮਨਾਉਣ, ਗੁਰਦੁਆਰਾ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਜਥੇ ਦੀ ਵਤਨ ਵਾਪਸੀ ਉਪਰੰਤ ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜਥਾ ਆਗੂ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਚ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਚ ਔਕਾਫ਼ ਬੋਰਡ, ਪਾਕਿਸਤਾਨ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਅਤੇ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਕਿਆਰਾ ਸਾਹਿਬ ਵਿਚ ਜਾ ਕੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਚ ਹੋਇਆ। ਇਸ ਮੌਕੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉੱਲ ਹੱਕ ਕਾਦਰੀ ਤੇ ਪਾਕਿਸਤਾਨ ਦੇ ਸੰਘੀ ਗ੍ਰਹਿ ਮੰਤਰੀ ਇਜਾਜ਼ ਸ਼ਾਹ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਰੁਪਏ ਦਾ ਸਿੱਕਾ ਤੇ 20 ਰੁਪਏ ਦੇ ਮੁੱਲ ਦੀ ਡਾਕ ਟਿਕਟ ਵੀ ਜਾਰੀ ਕੀਤੀ। ਉਨ੍ਹਾਂ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਅੰਮ੍ਰਿਤਸਰ ਤੇ ਲਾਹੌਰ ਵਿਚ ਵੀਜ਼ਾ ਕੇਂਦਰ ਖੋਲ੍ਹੇ ਜਾਣ। ਅਟਾਰੀ ਸਰਹੱਦ ’ਤੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੋਵਾਂ ਸਰਕਾਰਾਂ ਤੇ ਨਵਜੋਤ ਸਿੱਧੂ ਨੂੰ ਲਾਂਘਾ ਖੁੱਲ੍ਹਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਇੱਕ ਅਜੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਰਕਮ ਜ਼ਿਆਦਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਵਿਚ ਭਾਈ ਜਗਤਾਰ ਸਿੰਘ ਹਲਵਾਰਾ ਵੱਲੋਂ ਪ੍ਰਕਾਸ਼ ਪੁਰਬ ਦੀ ਸਿੱਖ ਸੰਗਤ ਨੂੰ ਵਧਾਈ ਤੇ ਪੰਜਾਬੀ ਪੜ੍ਹੋ ਤੇ ਪੰਜਾਬੀ ਬੋਲੋ ਦੇ ਪੋਸਟਰ ਲੱਗੇ ਹੋਏ ਸਨ। ਪਰਮਜੀਤ ਸਿੰਘ ਜੱਜੇਆਣੀ ਨੇ ਕਿਹਾ ਕਿ ਵੰਡ ਦੇ ਸਮੇਂ ਦੋਵਾਂ ਮੁਲਕਾਂ ਵਿਚਕਾਰ ਖਿੱਚੀ ਲਕੀਰ ਮਿਟਣ ਦੀ ਹੁਣ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਇੱਕ ਬੋਲ ਨੇ ਦੋਵਾਂ ਮੁਲਕਾਂ ਦੇ ਮੁਸਲਮਾਨ ਤੇ ਸਿੱਖ ਇਕੱਠੇ ਕੀਤੇ ਹਨ। ਇਸ ਮੌਕੇ ਵਤਨ ਪਰਤੇ ਵੱਖ-ਵੱਖ ਸਿੱਖ ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਸਿਰ ਬੰਨ੍ਹਿਆ।

Radio Mirchi