ਨਸ਼ਾ ਤਸਕਰੀ ਮਾਮਲਾ: ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ, ਗ੍ਰਿਫ਼ਤਾਰੀ ਲਈ ਯਤਨ ਤੇਜ਼
ਐੱਸ.ਏ.ਐੱਸ. ਨਗਰ (ਮੁਹਾਲੀ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਨ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਸ਼ਕਲਾਂ ਵੱਧ ਗਈਆਂ ਹਨ। ਅਕਾਲੀ ਆਗੂ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਬਿਊਰੋ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਇੱਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਮਜੀਠੀਆ ’ਤੇ ਕਥਿਤ ਦੋਸ਼ ਲੱਗਦੇ ਆ ਰਹੇ ਹਨ ਅਤੇ ਉਹ ਸ਼ੁਰੂ ਤੋਂ ਹੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹਨ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ’ਤੇ ਲਗਾਤਾਰ ਦਬਾਅ ਵੱਧ ਰਿਹਾ ਸੀ।
ਤਾਜ਼ਾ ਐੱਫਆਈਆਰ ਵਿੱਚ ਐੱਸਟੀਐੱਫ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਫਰਵਰੀ 2018 ਨੂੰ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਸਟੇਟਸ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ ਹੈ। ਡੀਜੀਪੀ ਦੇ ਹੁਕਮਾਂ ਅਨੁਸਾਰ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਪੂਰੀ ਫਾਈਲ ਕਾਨੂੰਨੀ ਸਲਾਹ-ਮਸ਼ਵਰੇ ਲਈ ਬੀਤੀ ਪਹਿਲੀ ਦਸੰਬਰ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਕੋਲ ਭੇਜੀ ਗਈ ਸੀ ਅਤੇ ਕਾਨੂੰਨੀ ਰਾਇ ਮਗਰੋਂ ਹੀ ਅਕਾਲੀ ਆਗੂ ਖ਼ਿਲਾਫ਼ 48 ਪੰਨਿਆਂ ਦੀ ਲੰਮੀ ਚੌੜੀ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ ਬਹੁ-ਚਰਚਿਤ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਸਟੇਟਸ ਰਿਪੋਰਟ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖ਼ਿਲਾਫ਼ ਬਣੀ ਸਿੱਟ ਦੇ ਇੱਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿੱਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫ਼ੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਦੇ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਆਗੂਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਉਧਰ, ਇਸ ਮਾਮਲੇ ਵਿੱਚ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਪਹਿਲਾਂ ਹੀ ਕਿਸੇ ਇਮਾਨਦਾਰ ਅਫ਼ਸਰ ਨੂੰ ਲਗਾਇਆ ਹੁੰਦਾ ਤਾਂ ਇਹ ਕਾਰਵਾਈ ਕਦੋਂ ਦੀ ਹੋ ਜਾਣੀ ਸੀ।
ਸਜ਼ਾ ਮਿਲਣ ਤੱਕ ਲੜਾਈ ਜਾਰੀ ਰਹੇਗੀ: ਸਿੱਧੂ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ’ਚ ਟਵੀਟ ਕਰਕੇ ਕਿਹਾ ਕਿ ਇਹ ਪਹਿਲਾ ਕਦਮ ਹੈ ਅਤੇ ਸਜ਼ਾ ਮਿਲਣ ਤੱਕ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਮਾਨਦਾਰ ਆਗੂ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਰੱਖਿਆ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਉਹ ਚਾਰ ਸਾਲ ਤੋਂ ਕਾਰਵਾਈ ਦੀ ਮੰਗ ਕਰ ਰਹੇ ਸਨ ਅਤੇ ਐੱਸਟੀਐੱਫ ਦੀ ਰਿਪੋਰਟ ਦੇ ਆਧਾਰ ’ਤੇ ਹੁਣ ਨਸ਼ਾ ਤਸਕਰੀ ਦੇ ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਗੇ ਅਫ਼ਸਰਾਂ ਨੂੰ ਤਾਕਤ ਮਿਲਣ ਦਾ ਇਹ ਪ੍ਰਤਾਪ ਹੈ।
ਬਦਲਾਖੋਰੀ ਦੀ ਭਾਵਨਾ ਨਹੀਂ: ਰੰਧਾਵਾ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ’ਤੇ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਕਿਹਾ ਕਿ ਕਾਨੂੰਨ ਅਨੁਸਾਰ ਕਾਰਵਾਈ ਹੋ ਰਹੀ ਹੈ ਅਤੇ ਇਸ ਪਿੱਛੇ ਬਦਲਾਖੋਰੀ ਦੀ ਕੋਈ ਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਪੁਲੀਸ ਅਫ਼ਸਰਾਂ ਨੂੰ ਦਬਕੇ ਮਾਰ ਰਹੇ ਹਨ ਜੋ ਸਹਿਣ ਨਹੀਂ ਕੀਤਾ ਜਾਵੇਗਾ। ਰੰਧਾਵਾ ਨੇ ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਪ੍ਰਕਾਸ਼ ਸਿੰਘ ਬਾਦਲ ਕੋਲ ਰਹੀ, ਉਦੋਂ ਤੱਕ ਪਾਰਟੀ ’ਤੇ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਕਦੇ ਵੀ ਇਲਜ਼ਾਮ ਨਹੀਂ ਲੱਗੇ ਸਨ ਪਰ ਕਮਾਨ ਸੁਖਬੀਰ ਬਾਦਲ ਦੇ ਹੱਥ ਆਉਣ ਮਗਰੋਂ ਹਾਲਾਤ ਬਦਲ ਗਏ ਹਨ।
ਕਾਂਗਰਸ ਸਰਕਾਰ ਬਦਲਾਖ਼ੋਰੀ ਦੇ ਰਾਹ ’ਤੇ: ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ, ‘‘ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਜਿਹੀ ਕਾਰਵਾਈ ਕੀਤੀ ਗਈ। ਸਾਨੂੰ ਅਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਖਾਤਰ ਪਿਛਲੇ ਦਿਨਾਂ ’ਚ ਸਰਕਾਰ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਤਿੰਨ ਡੀਜੀਪੀ ਬਦਲੇ ਗਏ।’’ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲੰਬੀ ਹਲਕੇ ਵਿੱਚ ਜਨ ਸੰਪਰਕ ਮੁਹਿੰਮ ’ਤੇ ਹਨ। ਅੱਜ ਉਨ੍ਹਾਂ ਦਾ ਸਰਾਵਾਂ ਜੈਲ ਦੇ ਪਿੰਡਾਂ ’ਚ ਜਲਸੇ ਕਰ ਰਹੇ ਹਨ। ਇਸ ਮੌਕੇ ਅਨੰਤਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਵੀ ਨਾਲ ਹਨ।
ਮਜੀਠੀਆ ਦੀ ਪਿੱਠ ’ਤੇ ਆਏ ਕੈਪਟਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਲੈ ਮਜੀਠੀਆ ਦੀ ਹਮਾਇਤ ’ਚ ਆ ਗੲੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ। ਕੈਪਟਨ ਨੇ ਕਿਹਾ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਜੀਠੀਆ ਨਾਲ ਨਿੱਜੀ ਕਿੜ ਕੱਢਣ ਲਈ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਯਕੀਨ ਪ੍ਰਗਟਾਇਆ ਕਿ ਕਾਨੂੰਨੀ ਪੜਤਾਲ ’ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ।
ਝੂਠਾ ਕੇਸ ਦਰਜ ਕੀਤਾ ਗਿਆ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਅਤੇ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ ਮਗਰੋਂ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਧਿਕਾਰੀ ਅਤੇ ਝੂਠੇ ਕੇਸ ਬਣਵਾਉਣ ਵਾਲੇ ਆਗੂਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮਜੀਠੀਆ ਖ਼ਿਲਾਫ਼ ਕੇਸ ਚੰਨੀ ਦਾ ਚੋਣ ਸਟੰਟ: ਰਾਘਵ ਚੱਢਾ
ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਬੀਰ ਬਾਦਲ ਵਿਚਕਾਰ ਡੀਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਚੰਨੀ ਸਰਕਾਰ ਚੋਣ ਫਾਇਦੇ ਲਈ ਬੇਹੱਦ ਕਮਜ਼ੋਰ ਆਧਾਰ ’ਤੇ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਦਾ ਡਰਾਮਾ ਕਰੇਗੀ।