ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ
ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਤੋਂ ਬਾਅਦ ਅੱਜ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ ਪਰ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ, ‘ਪਾਕਿਸਤਾਨ ਨੇ ਅੱਜ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ ਹੈ।’ ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਅੱਜ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਈਟੀਪੀਬੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।’ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਰਿਹਾ ਹੈ। ਉਨ੍ਹਾਂ ਕਿਹਾ, ‘ਮੈਂ ਭਾਰਤ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਅਸੀਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਜਾ ਰਹੇ ਹਾਂ।’