ਪਾਵਨ ਸਰੂਪ: ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕਮੇਟੀ ਬਣਾਈ

ਪਾਵਨ ਸਰੂਪ: ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕਮੇਟੀ ਬਣਾਈ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅਗਲੇਰੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਅੱਜ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਾਸਤੇ ਕਾਨੂੰਨੀ ਮਾਹਿਰਾਂ ਦੀ ਚਾਰ ਮੈਂਬਰੀ ਕਮੇਟੀ ਬਣਾਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਕਮੇਟੀ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਕਮੇਟੀ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਡਵੋਕੇਟ ਮਹਿੰਦਰ ਸਿੰਘ ਗਿੱਲ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਅਗਲੇਰੀ ਕਾਰਵਾਈ ਵਾਸਤੇ ਅਤੇ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ੍ਰੀ ਲੌਂਗੋਵਾਲ ਨੇ ਆਖਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕਾਨੂੰਨੀ ਚਾਰਾਜੋਈ ਵਾਸਤੇ ਇਹ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਵਕੀਲਾਂ ਦਾ ਪੈਨਲ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਹੈ ਅਤੇ ਪੰਜ ਨੂੰ ਮੁਅੱਤਲ ਕੀਤਾ ਹੈ। ਜਿਨ੍ਹਾਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਹੋਵੇਗੀ ਅਤੇ ਮੁਅੱਤਲ ਕੀਤਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਇਕ ਸੇਵਾ ਮੁਕਤ ਹੋਏ ਕਰਮਚਾਰੀ ਦੇ ਫੰਡ ਰੋਕ ਲਏ ਗਏ ਹਨ ਅਤੇ ਸਾਬਕਾ ਮੁੱਖ ਸਕੱਤਰ ਖ਼ਿਲਾਫ਼ ਵੀ ਦੋਸ਼ ਲਾਏ ਗਏ ਹਨ। ਮੌਜੂਦਾ ਮੁੱਖ ਸਕੱਤਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪਬਲੀਕੇਸ਼ਨ ਵਿਭਾਗ ਵਿਚ ਜਿਲਦਸਾਜ਼ੀ ਦਾ ਦਿੱਤਾ ਠੇਕਾ ਵੀ ਰੱਦ ਕਰ ਦਿੱਤਾ ਗਿਆ ਹੈ।
ਅਕਾਲੀ ਦਲ (ਅ) ਵੱਲੋਂ ਜਾਂਚ ਰਿਪੋਰਟ ਰੱਦ
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਕਰਵਾਈ ਗਈ ਜਾਂਚ ਨੂੰ ਰੱਦ ਕਰਦਿਆਂ ਅਕਾਲੀ ਦਲ (ਅੰਮ੍ਰਿਤਸਰ) ਨੇ ਇਸ ਮਾਮਲੇ ਦੀ ਆਪਣੇ ਤੌਰ ’ਤੇ ਜਾਂਚ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਕੋਲੋਂ ਜਾਣਕਾਰੀ ਮੰਗੀ ਕਿ ਲਾਪਤਾ ਪਾਵਨ ਸਰੂਪ ਕਿੱਥੇ ਗਏ, ਕਿਸ ਹਾਲਾਤ ਵਿਚ ਹਨ ਅਤੇ ਕਿਸ ਦੇ ਆਦੇਸ਼ਾਂ ਨਾਲ ਅਗਾਂਹ ਵੰਡੇ ਗਏ ਸਨ। ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਦਾ ਵਫ਼ਦ, ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜਿਆ। ਇਸ ਵਫ਼ਦ ਵਿਚ ਸ਼ਾਮਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਹਰਪਾਲ ਸਿੰਘ ਆਦਿ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਹੋਰਨਾਂ ਨਾਲ ਮੁਲਾਕਾਤ ਕੀਤੀ। ਇਮਾਨ ਸਿੰਘ ਮਾਨ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੀ ਜਾਂਚ ’ਤੇ ਤਸੱਲੀ ਨਹੀਂ ਹੈ, ਇਸ ਲਈ ਜਾਂਚ ਰੱਦ ਕੀਤੀ ਗਈ ਹੈ ਤੇ ਉਹ ਖੁਦ ਮਾਮਲੇ ਦੀ ਜਾਂਚ ਕਰਨਗੇ। ਇਸ ਸਬੰਧੀ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿਚ ਜਸਕਰਨ ਸਿੰਘ, ਪ੍ਰੋ. ਮਹਿੰਦਰਪਾਲ ਸਿੰਘ, ਇਮਾਨ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਹਰਬੀਰ ਸਿੰਘ ਸੰਧੂ ਤੇ ਅਮਰੀਕ ਸਿੰਘ ਨੰਗਲ ਸ਼ਾਮਲ ਹਨ। ਇਹ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰੇਗੀ। ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕੀਤੀ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬਤੌਰ ਜਥੇਦਾਰ ਦਿੱਤੀ ਗਈ ਰਿਹਾਇਸ਼ ਅਤੇ ਸੁਰੱਖਿਆ ਵਾਪਸ ਲਈ ਜਾਵੇ।ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਵਿਖੇ ਦਿਲਾਵਰ ਸਿੰਘ ਦੇ ਬਰਸੀ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ।

Radio Mirchi