ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ
ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਦਸਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 47 ਤੇ 93 ਪ੍ਰਤੀ ਲਿਟਰ ਵਾਧਾ ਕੀਤਾ ਹੈ। ਪਿਛਲੇ ਦਸ ਦਿਨਾਂ ਵਿੱਚ ਪੈਟਰੋਲ 5.47 ਰੁੁਪਏ ਤੇ ਡੀਜ਼ਲ 5.80 ਰੁਪੲੇ ਪ੍ਰਤੀ ਲਿਟਰ ਮਹਿੰਗਾ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਏਟੀਐੱਫ ਭਾਵ ਹਵਾਈ ਜਹਾਜ਼ਾਂ ਦੇ ਤੇਲ ਦੇ ਭਾਅ ਵਿੱਚ 16.3 ਫੀਸਦ ਦਾ ਵਾਧਾ ਕਰ ਦਿੱਤਾ ਹੈ। ਇਸ ਮਹੀਨੇ ਦੂਜੀ ਵਾਰ ਹੈ ਜਦੋਂ ਏਟੀਐੱਫ ਦੇ ਭਾਅ ਵਧਾੲੇ ਗੲੇ ਹਨ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਨਿਰੰਤਰ ਵਾਧੇ ‘ਅਸੰਵੇਦਨਸ਼ੀਲ’ ਕਰਾਰ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਵਾਧੇ ਨੂੰ ਵਾਪਸ ਲੈਣ, ਕਿਉਂਕਿ ਇਹ ਕੀਮਤਾਂ ਆਮ ਬੰਦੇ ਦੀਆਂ ਕੋਵਿਡ-19 ਨਾਲ ਪੈਦਾ ਹੋਈਆਂ ਮੁਸ਼ਕਲਾਂ ਵਿੱਚ ਵਾਧਾ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ 2,60,000 ਕਰੋੜ ਰੁਪਏ ਦਾ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਸੰਕਟ ਦੇ ਸਮੇਂ ਵਿੱਚ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣੀ ਚਾਹੀਦੀ ਹੈ।