ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਜਲੰਧਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਫੁੱਲਾਂ ਨਾਲ ਸਜੀ ਸੁੰਦਰ ਬੱਸ ਵਿਚ ਸਜਾਈ ਸੁਨਹਿਰੀ ਪਾਲਕੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ। ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਰਵਨ ਸਿੰਘ ਕੁਲਾਰ ਤੇ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।
ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਥਾਂ-ਥਾਂ ’ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਾਰੇ ਮਾਰਗ ਨੂੰ ਖੂਬਸੂਰਤ ਲੜੀਆਂ ਅਤੇ ਸਵਾਗਤੀ ਗੇਟਾਂ ਨਾਲ ਵੀ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਫੁੱਲ ਪੱਤੀਆਂ ਦੀ ਵਰਖਾ ਵੀ ਖਿੱਚ ਦਾ ਕੇਂਦਰ ਰਹੀ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ‘ਤੇ ਅਰਦਾਸ ਨਾਲ ਹੋਈ। ਸਮੁੱਚੇ ਸਿੱਖ ਜਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਭਾਰਤ ਵਿਚ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਅਤੇ ਪਾਕਿਸਤਾਨ ਵਿਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮੁੱਖ ਸਮਾਗਮ ਮਨਾਏ ਜਾ ਰਹੇ ਹਨ। ਇਸੇ ਤਹਿਤ ਹੀ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅੱਜ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ‘ਤੇ ਅਰਦਾਸ ਕਰਕੇ ਹੋਈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਪਾਵਨ ਸਰੂਪ ਨੂੰ ਆਪਣੇ ਸਿਰ ’ਤੇ ਸ਼ੁਸ਼ੋਭਿਤ ਕਰਕੇ ਪਾਲਕੀ ਤਕ ਲੈ ਕੇ ਆਏ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਵੱਖ ਵੱਖ ਵਿਦਿਅਕ ਅਦਾਰਿਆਂ ਦੇ ਬੱਚੇ, ਵੱਡੀ ਗਿਣਤੀ ਵਿਚ ਸੰਗਤਾਂ, ਸ਼ਬਦੀ ਜਥੇ ਆਦਿ ਸ਼ਾਮਲ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਅਰੰਭ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚੋਂ ਲੰਘਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਮਾਪਤ ਹੋਇਆ।