ਪ੍ਰਕਾਸ਼ ਪੁਰਬ: ਸ਼ਰਧਾਲੂਆਂ ਦਾ ਦੂਜਾ ਜਥਾ ਪਾਕਿਸਤਾਨ ਪੁੱਜਿਆ
ਅਟਾਰੀ-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ, ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ ਦੂਜੇ ਦਿਨ 2216 ਸ਼ਰਧਾਲੂ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਏ।
ਭਾਰਤ ਤੋਂ ਪਾਕਿਸਤਾਨ ਲਈ ਰਵਾਨਾ ਹੋਏ ਸ਼ਰਧਾਲੂਆਂ ਦੇ ਜਥੇ ਵਿਚ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪਾਰਟੀ ਲੀਡਰ ਸੋਹਣ ਸਿੰਘ, ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਲੀਡਰ ਸਰਬਜੀਤ ਸਿੰਘ ਪੱਟੀ ਤੋਂ ਇਲਾਵਾ ਦੇਹਰਾਦੂਨ, ਹਰਿਆਣਾ, ਜੰਮੂ, ਉੱਤਰ ਪ੍ਰਦੇਸ਼ ਆਦਿ ਤੋਂ ਵੱਖ-ਵੱਖ ਸਿੱਖ ਸੰਗਠਨਾਂ ਦੇ ਸ਼ਰਧਾਲੂ ਸ਼ਾਮਲ ਸਨ। ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਅਟਾਰੀ ਸਰਹੱਦ ’ਤੇ ਗੱਲਬਾਤ ਕਰਦਿਆਂ ਸੋਹਣ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਦਰਬਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲਾਂਘੇ ਦੇ ਉਦਘਾਟਨ ਦੀ ਰਸਮ ਮੌਕੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਅਟਾਰੀ ਸਰਹੱਦ ’ਤੇ ਸ਼ਰਧਾਲੂਆਂ ਨੂੰ ਵਿਦਾਇਗੀ ਦੇਣ ਲਈ ਪੁੱਜੇ ਬਲਵਿੰਦਰ ਸਿੰਘ ਝਬਾਲ ਪ੍ਰਧਾਨ ਖਾਲੜਾ ਮਿਸ਼ਨ ਕਮੇਟੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੀ ਫ਼ੀਸ ਘੱਟ ਕੀਤੀ ਜਾਵੇ ਅਤੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਦੀ ਖਤਮ ਕੀਤੀ ਸ਼ਰਤ ਨੂੰ ਲਿਖਤੀ ਰੂਪ ਦਿੱਤਾ ਜਾਵੇ।