ਪ੍ਰਕਾਸ਼ ਪੁਰਬ: ਸ਼੍ਰੋਮਣੀ ਕਮੇਟੀ ਦੇ ਮੰਚ ’ਤੇ ਹੋਣਗੇ ਮੁੱਖ ਸਮਾਗਮ

ਅੰਮ੍ਰਿਤਸਰ-ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਮੰਚ ਤੋਂ ਮਨਾਉਣ ਦੀ ਦੁਬਿਧਾ ਖ਼ਤਮ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ’ਚ ਬਣਾਏ ਮੰਚ ਤੋਂ ਹੋਣਗੇ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਸਣੇ ਸਮੂਹ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਉਸ ਦਿਨ ਪੰਥ ਦਾ ਹਿੱਸਾ ਬਣ ਕੇ ਇਸ ਮੰਚ ’ਤੇ ਆਉਣ ਅਤੇ ਗੁਰੂ ਸਾਹਿਬ ਨੂੰ ਅਕੀਦਤ ਭੇਂਟ ਕਰਨ। ਇਹ ਫ਼ੈਸਲਾ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਜ਼ਮੀਨਦੋਜ਼ ਹਾਲ ਵਿਚ ਸਿੱਖ ਜਥੇਬੰਦੀਆਂ ਦੀ ਸੱਦੀ ਗਈ ਮੀਟਿੰਗ ਦੌਰਾਨ ਕੀਤਾ ਗਿਆ ਹੈ। ਮੀਟਿੰਗ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ ਅਤੇ ਭਾਈ ਸੁਖਦੇਵ ਸਿੰਘ ਸ਼ਾਮਲ ਸਨ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਇਹ ਵਿਚਾਰ ਉੱਭਰ ਕੇ ਸਾਹਮਣੇ ਆਇਆ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਪੰਥਕ ਮੰਚ ਤੋਂ ਹੀ ਮਨਾਏ ਜਾਣੇ ਚਾਹੀਦੇ ਹਨ। 11 ਅਤੇ 12 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਚ ਲਾਈ ਗਈ ਸਟੇਜ ਤੋਂ ਹੀ ਹੋਣਗੇ। ਇਹ ਸਮਾਗਮ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਸਰਪ੍ਰਸਤੀ ਵਿਚ ਹੋਣਗੇ। ਸਮਾਗਮਾਂ ਵਿਚ ਜੇਕਰ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀ, ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਮਾਣ-ਸਨਮਾਨ ਸ਼੍ਰੋਮਣੀ ਕਮੇਟੀ ਵਲੋਂ ਹੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੰਚ ’ਤੇ ਸਮਾਂ ਵੀ ਦਿੱਤਾ ਜਾਵੇਗਾ। ਇਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਜਾਰੀ ਕੀਤਾ ਜਾਵੇਗਾ।
ਸਟੇਜ ਸੰਚਾਲਨ ਸਿੱਖ ਵਿਦਵਾਨਾਂ ਵਲੋਂ ਕੀਤਾ ਜਾਵੇਗਾ। ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਣਾਏ ਜਾ ਰਹੇ ਵੱਖਰੇ ਪੰਡਾਲ ਸਬੰਧੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਸਮੇਤ ਹੋਰ ਸਿੱਖ ਜਥੇਬੰਦੀਆਂ ਵਲੋਂ ਵੀ ਆਪਣੇ ਮੰਚ ਬਣਾਏ ਜਾ ਰਹੇ ਹਨ, ਜਿਨ੍ਹਾਂ ਤੋਂ ਉਹ ਆਪਣੇ ਬਣਾਏ ਪ੍ਰੋਗਰਾਮਾਂ ਦਾ ਸੰਚਾਲਨ ਕਰ ਸਕਦੇ ਹਨ ਪਰ ਇਹ ਪ੍ਰੋਗਰਾਮ ਗੁਰਬਾਣੀ ਅਤੇ ਗੁਰੂ ਫਲਸਫ਼ੇ ’ਤੇ ਹੀ ਕੇਂਦਰਤ ਹੋਣੇ ਚਾਹੀਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਵੱਖਰਾ ਮੰਚ ਬਣਾਉਣ ਤੋਂ ਨਹੀਂ ਰੋਕਿਆ ਜਾਵੇਗਾ ਪਰ ਉਨ੍ਹਾਂ ਆਖਿਆ ਕਿ 12 ਨਵੰਬਰ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਬਣਾਏ ਇਕ ਮੰਚ ਤੋਂ ਹੀ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਜਿੰਨੀਆਂ ਵੀ ਸ਼ਤਾਬਦੀਆਂ ਮਨਾਈਆਂ ਗਈਆਂ ਹਨ, ਮੁੱਖ ਸਟੇਜ ਸਬੰਧਤ ਗੁਰਦੁਆਰੇ ਵਲੋਂ ਹੀ ਬਣਾਈ ਜਾਂਦੀ ਰਹੀ ਹੈ ਅਤੇ ਹੁਣ ਵੀ ਗੁਰਦੁਆਰਾ ਬੇਰ ਸਾਹਿਬ ਦੇ ਮੰਚ ਤੋਂ ਹੀ ਮੁੱਖ ਸਮਾਗਮ ਹੋਵੇਗਾ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ, ਭਾਜਪਾ, ‘ਆਪ’ ਤੇ ਹੋਰ ਜਥੇਬੰਦੀਆਂ ਵਿਚ ਬੈਠੇ ਸਮੂਹ ਸਿੱਖ ਇਸ ਪੰਥਕ ਮੰਚ ’ਤੇ ਇਕੱਠੇ ਹੋਣ ਅਤੇ ਗੁਰੂ ਸਾਹਿਬ ਨੂੰ ਅਕੀਦਤ ਭੇਟ ਕਰਨ।