ਪ੍ਰਕਾਸ਼ ਪੁਰਬ: ਸਿੱਧੂ ਵੱਲੋਂ ਪਾਕਿ ਜਾਣ ਲਈ ਚਾਰਾਜੋਈ

ਪ੍ਰਕਾਸ਼ ਪੁਰਬ: ਸਿੱਧੂ ਵੱਲੋਂ ਪਾਕਿ ਜਾਣ ਲਈ ਚਾਰਾਜੋਈ

ਅੰਮ੍ਰਿਤਸਰ-ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦੇ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਉਥੇ ਜਾਣ ਵਾਸਤੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਸ ਸਬੰਧ ਵਿਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋੜੀਂਦੀ ਪ੍ਰਵਾਨਗੀ ਦੇਣ ਲਈ ਪੱਤਰ ਭੇਜੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਮਿੱਤਰ ਨਵਜੋਤ ਸਿੰਘ ਸਿੱਧੂ ਨੂੰ ਗੁਰਦੁਆਰਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮੇਂ ਰੱਖੇ ਵਿਸ਼ੇਸ਼ ਸਮਾਗਮ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਸੱਦਾ ਪੱਤਰ ਭੇਜਿਆ ਹੈ ਜਿਸ ਦਾ ਨਵਜੋਤ ਸਿੰਘ ਸਿੱਧੂ ਵਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲਿਆਂ ਵਾਸਤੇ ਅਗਾਊਂ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ।
ਸ੍ਰੀ ਸਿੱਧੂ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦੋ ਵੱਖ ਵੱਖ ਪੱਤਰ ਭੇਜ ਕੇ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਮੰਗੀ ਹੈ। ਪੱਤਰ ’ਚ ਉਨ੍ਹਾਂ ਲਿਖਿਆ ਹੈ ਕਿ ਇਕ ਨਿਮਾਣੇ ਸਿੱਖ ਵਜੋਂ ਉਨ੍ਹਾਂ ਲਈ ਇਹ ਵੱਡੇ ਮਾਣ ਦੀ ਗੱਲ ਹੈ ਅਤੇ ਉਹ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਪਾਕਿਸਤਾਨ ’ਚ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇ। ਉਧਰ ਸ੍ਰੀ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਇਕ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜੇਕਰ ਸਰਕਾਰ ਵੱਲੋਂ ਸ੍ਰੀ ਸਿੱਧੂ ਨੂੰ ਪ੍ਰਵਾਨਗੀ ਮਿਲਦੀ ਹੈ ਤਾਂ ਉਹ ਪਾਕਿਸਤਾਨ ’ਚ ਗੁਰਦੁਆਰਾ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਜ਼ਰੂਰ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜੇਕਰ ਸ੍ਰੀ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਮਿਲੀ ਤਾਂ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੱਖੀ ਗਈ 20 ਅਮਰੀਕੀ ਡਾਲਰ ਦੀ ਫੀਸ (ਲਗਭਗ 1400 ਭਾਰਤੀ ਰੁਪਏ) ਖ਼ਤਮ ਕਰਨ ਬਾਰੇ ਵੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ਕਰਨਗੇ। ਉਨ੍ਹਾਂ ਆਖਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਸੁਖਾਵੇਂ ਬਣਾਉਣ ਵਾਸਤੇ ਹੀ ਸ੍ਰੀ ਸਿੱਧੂ ਨੇ ਇਮਰਾਨ ਖ਼ਾਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਸੁਝਾਅ ਦਿੱਤਾ ਸੀ ਜਿਸ ਨੂੰ ਸ੍ਰੀ ਖਾਨ ਨੇ ਮੰਨ ਲਿਆ ਸੀ। ਪਾਕਿਸਤਾਨ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਸੱਦਾ ਭੇਜਿਆ ਗਿਆ ਸੀ। ਹੁਣ ਉਹ ਭਾਰਤ ਵੱਲੋਂ ਉਥੇ ਜਾ ਰਹੇ ਜਥੇ ’ਚ ਸ਼ਾਮਲ ਹੋਣਗੇ।

Radio Mirchi