ਪ੍ਰਕਾਸ਼ ਪੁਰਬ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।
ਨਗਰ ਕੀਰਤਨ ਦੌਰਾਨ ਸੰਗਤ ਨੇ ਗੁਰੂ ਜਸ ਉਚਾਰਨ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਸਤੇ ਵਿੱਚ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਕਈ ਥਾਵਾਂ ’ਤੇ ਸੰਗਤ ਵੱਲੋਂ ਚਾਹ, ਮਠਿਆਈਆਂ, ਫ਼ਲਾਂ ਦੇ ਲੰਗਰ ਲਾਏ ਹੋਏ ਸਨ। ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਅਤੇ ਗੱਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।