ਪੰਜਾਬ ਵਿੱਚ ‘ਆਪ’ ਨੂੰ ਫਾਇਦਾ ਨਹੀਂ ਹੋਵੇਗਾ: ਬ੍ਰਹਮਪੁਰਾ
ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਪੰਜਾਬ ’ਤੇ ਵਧੇਰੇ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਦਿੱਲੀ ਦੇ ਜਾਗਰੂਕ ਵੋਟਰਾਂ ਨੇ ਭਾਰਤੀ ਜਨਤਾ ਪਾਰਟੀ ਦੇ ਫਿਰਕਾਪ੍ਰਸਤੀ ਅਤੇ ਫਾਸੀਵਾਦੀ ਏਜੰਡੇ ਨੂੰ ਨਕਾਰਦਿਆਂ ‘ਆਪ’ ’ਤੇ ਭਰੋਸਾ ਦਿਖਾਇਆ ਹੈ। ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਦਿੱਲੀ ਵਿੱਚ ਭਾਵੇਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹਾਲਾਤ ਪਹਿਲਾਂ ਵਰਗੇ ਹੀ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ‘ਆਪ’ ਦੀ ਕਾਰਗੁਜ਼ਾਰੀ ਵਿੱਚ ਵਧੇਰੇ ਤਬਦੀਲੀ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ‘ਆਪ’ ਦੇ ਆਗੂ ਹੀ ਪਾਰਟੀ ਦੀ ਹਾਰ ਦਾ ਕਾਰਨ ਬਣੇ ਹਨ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਨੂੰ ਛੱਡ ਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਬੋਨੀ ਅਜਨਾਲਾ ਨੇ ਆਪਣੇ ਆਪ ਨੂੰ ‘ਬੌਣਾ’ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਬੋਨੀ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਦਾਅਵਾ ਕੀਤਾ ਕਿ ਡਾ. ਰਤਨ ਸਿੰਘ ਅਜਨਾਲਾ ਹਾਲੇ ਵੀ ਉਨ੍ਹਾਂ ਨਾਲ ਜੁੜੇ ਹੋਏ ਹਨ।