ਪੰਜਾਬ ਸਰਕਾਰ ਦੇ ਹਲਫ਼ਨਾਮੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕਰੇਗੀ ਕਾਨੂੰਨੀ ਕਾਰਵਾਈ
ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ’ਤੇ ਸਹਿਮਤੀ ਦਿੱਤੇ ਜਾਣ ਦੇ ਮਾਮਲੇ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਕਾਨੂੰਨੀ ਕਾਰਵਾਈ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਹ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਤਰਨਤਾਰਨ ਜ਼ਿਲ੍ਹੇ ਵਿਚ ਨਗਰ ਕੀਰਤਨ ਸਮੇਂ ਵਾਪਰੇ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰਿਆਣਾ ਵਿਚ ਵੱਖਰੀ ਕਮੇਟੀ ਦੇ ਹੱਕ ਵਿਚ ਦਿੱਤੇ ਗਏ ਹਲਫ਼ਨਾਮੇ ਖ਼ਿਲਾਫ਼ ਮੀਟਿੰਗ ਵਿਚ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਵਿਰੋਧੀ ਸਾਜ਼ਿਸ਼ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਦਾ ਅਧਿਕਾਰ ਨਹੀਂ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵੀ ਇਸੇ ਕਾਰਨ ਇਸ ਮਾਮਲੇ ਵਿਚ ਦਖ਼ਲ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਿਰੋਲ ਕੇਂਦਰ ਸਰਕਾਰ ਅਧੀਨ ਹੈ। ਹਰਿਆਣਾ ’ਚ ਵੱਖਰੀ ਕਮੇਟੀ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ ਅਤੇ ਹੁਣ ਵੀ ਸ਼੍ਰੋਮਣੀ ਕਮੇਟੀ ਇਸ ਨਵੀਂ ਕਾਰਵਾਈ ਖ਼ਿਲਾਫ਼ ਕਾਨੂੰਨੀ ਚਾਰਾਜੋਈ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਸਿੱਖ ਵਿਰੋਧੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਇਸ ਮਾਮਲੇ ਵਿਚ ਹਰ ਪੱਧਰ ’ਤੇ ਲੜਾਈ ਲੜੀ ਜਾਵੇਗੀ। ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਦੇ ਜਥੇਦਾਰ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣਾ ਉਚਿਤ ਨਹੀਂ ਹੈ। ਗੁਰਦੁਆਰਿਆਂ ਅਤੇ ਨਗਰ ਕੀਰਤਨ ਵਿਚ ਆਤਿਸ਼ਬਾਜ਼ੀ ਦੀ ਵਰਤੋਂ ਰੋਕਣ ਦੀ ਉੱਠੀ ਮੰਗ ਬਾਰੇ ਕਿਹਾ ਗਿਆ ਕਿ ਇਸ ਸਬੰਧੀ ਫ਼ੈਸਲਾ ਲੈਣ ਦਾ ਹੱਕ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਪਰ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸੁਚੇਤ ਕੀਤਾ ਹੈ ਕਿ ਨਗਰ ਕੀਰਤਨ ਸਮੇਂ ਅਜਿਹੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ। ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਮਹੰਤਾਂ ਤੋਂ ਆਜ਼ਾਦ ਕਰਾਉਣ ਲਈ ਵਾਪਰੀ ਘਟਨਾ ਵਿਚ 22 ਮਈ 1964 ਨੂੰ ਤਰਨਾ ਦਲ ਦੀ ਮਿਸਲ ਸ਼ਹੀਦਾਂ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਚ ਟਿਕਟੌਕ ਵੀਡੀਓ ਬਣਾਉਣ ’ਤੇ ਲਾਈ ਰੋਕ ਨੂੰ ਠੀਕ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਹ ਰੁਝਾਨ ਨਾ ਰੁਕਿਆ ਤਾਂ ਭਵਿੱਖ ਵਿਚ ਮੋਬਾਈਲ ਨੂੰ ਅੰਦਰ ਲਿਜਾਣ ’ਤੇ ਰੋਕ ਲਾਉਣ ਬਾਰੇ ਵੀ ਸੋਚਿਆ ਜਾਵੇਗਾ। ਸਿੱਖ ਪ੍ਰਚਾਰਕ ਢੱਡਰੀਆਂ ਵਾਲਾ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸਕੂਲੀ ਵਿਦਿਅਕ ਅਦਾਰਿਆਂ ਨੂੰ ਸਮਾਰਟ ਸਕੂਲਾਂ ਦੀ ਸ਼੍ਰੇਣੀ ਵਿਚ ਲਿਆਉਣ ਲਈ ਸਿੱਖ ਸੰਸਥਾ ਵਲੋਂ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦੀ ਵੀ ਯੋਜਨਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੌ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਅਧੂਰੇ ਫ਼ੈਸਲੇ ਬਾਰੇ ਗੱਲ ਕਰਨ ਤੋਂ ਉਨ੍ਹਾਂ ਟਾਲਾ ਵੱਟਿਆ।