ਪੰਜਾਬ ’ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਪੰਜਾਬ ’ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਪੰਜਾਬ ਵਿੱਚ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿਚ ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ। ਇਸ ਮੌਕੇ ਸੰਗਤ ਨੇ ਗੁਰਬਾਣੀ ਸਰਵਣ ਕੀਤੀ ਤੇ ਗੁਰੂ ਘਰਾਂ ਵਿਚ ਲੰਗਰ ਵਰਤਾਏ ਗਏ। ਜਲੰਧਰ, ਫਗਵਾੜਾ ਸਣੇ ਵੱਖ-ਵੱਖ ਥਾਈਂ ਲੋਕਾਂ ਨੇ ਪੰਡਾਲਾਂ ਵਿਚੋਂ ਖਰੀਦਦਾਰੀ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਗੁਰੂ ਰਵਿਦਾਸ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ, ਜਿਸ ਤਹਿਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ਹਿਰ ਵਿਚ ਅੱਜ ਵੱਖ ਵੱਖ ਥਾਵਾਂ ’ਤੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Radio Mirchi