ਬੁਲੇਟ ਟਰੇਨ ਪ੍ਰਾਜੈਕਟ ਦੀ ਸਮੀਖਿਆ ਕਰਾਂਗੇ: ਊਧਵ ਠਾਕਰੇ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਸਣੇ ਰਾਜ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੁਲੇਟ ਟਰੇਨ ਪ੍ਰਾਜੈਕਟ ਦਾ ਉਨ੍ਹਾਂ ਕਿਸਾਨਾਂ ਤੇ ਕਬਾਇਲੀ ਲੋਕਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀਆਂ ਜ਼ਮੀਨਾਂ ਇਸ ਪ੍ਰਾਜੈਕਟ ਅਧੀਨ ਗ੍ਰਹਿਣ ਕੀਤੀਆਂ ਜਾਣੀਆਂ ਹਨ।
ਸ੍ਰੀ ਠਾਕਰੇ ਨੇ ਲੰਘੀ ਦੇਰ ਰਾਤ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਹ ਬੁਲੇਟ ਟਰੇਨ ਪ੍ਰਾਜੈਕਟ ਦੀ ਸਮੀਖਿਆ ਕਰਨਗੇ। ਉਨ੍ਹਾਂ ਕਿਹਾ ਕਿ ਰਾਜ ਦੀ ਵਿੱਤੀ ਹਾਲਤ ਬਾਰੇ ਵੀ ਸੂਬਾ ਸਰਕਾਰ ਇਕ ਸਫੈਦ ਪੱਤਰ ਲੈ ਕੇ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ’ਤੇ ਕਰੀਬ 5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਪਰ ਉਹ ਕਿਸਾਨਾਂ ਨੂੰ ਬਿਨਾ ਸ਼ਰਤ ਕਰਜ਼ਾ ਮੁਆਫ਼ੀ ਦੇਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ।
ਉੱਧਰ, ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਦੇ ਲੋਕਾਂ ਦੇ ਸਿਰ ’ਤੇ ਬੁਲੇਟ ਟਰੇਨ ਪ੍ਰਾਜੈਕਟ ਦਾ ਭਾਰ ਪਾਉਣ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੀ ਵਿੱਤੀ ਹਾਲਤ ਕਾਫੀ ਗੰਭੀਰ ਹੈ।