ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਸਿੱਖ: ਜਥੇਦਾਰ

ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਸਿੱਖ: ਜਥੇਦਾਰ

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਪਾਸਾ ਪਲਟਣ ਬਾਰੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਇਸ ਲਈ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਵੱਖ ਵੱਖ ਵਫ਼ਦਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਆਜ਼ਾਦੀ ਤੋਂ ਬਾਅਦ ਸਿੱਖਾਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ ਪਰ ਇਹ ਮਾਮਲਾ ਹੋਰ ਵੀ ਦੁਖਦਾਈ ਹੈ। ਇਕ ਵਾਰੀ ਹਾਂ ਕਰਕੇ ਮੁਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਖਿਆ ਕਿ ਉਹ ਇਕਜੁਟ ਹੋ ਕੇ ਸਮੂਹ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਕਾਰ ਕੋਲ ਆਵਾਜ਼ ਬੁਲੰਦ ਕਰਨ।
ਵਿਦੇਸ਼ਾਂ ਵਿਚ ਪੜ੍ਹਾਈ ਦੇ ਮੰਤਵ ਨਾਲ ਗਏ ਪੰਜਾਬੀ ਤੇ ਖਾਸ ਕਰਕੇ ਸਿੱਖ ਬੱਚਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਵਿਦੇਸ਼ਾਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਆਖਿਆ ਕਿ ਉਹ ਇਨ੍ਹਾਂ ਬੱਚਿਆਂ ਲਈ ਲੰਗਰ ਅਤੇ ਰਿਹਾਇਸ਼ ’ਤੇ ਤਰਜੀਹੀ ਆਧਾਰ ’ਤੇ ਪ੍ਰਬੰਧ ਕਰਨ। ਨਵੰਬਰ 1984 ਸਿੱਖ ਕਤਲੇਆਮ ਮਾਮਲੇ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਆਏ ਬਿਆਨ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਖੁਦ ਨਸਲਕੁਸ਼ੀ ਕਰਵਾਈ ਸੀ। ਰਣਜੀਤ ਸਿੰਘ ਢੱਡਰੀਆਂ ਵਾਲਾ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜ ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਖ ਏਡ ਦੇ ਬਾਨੀ ਭਾਈ ਰਵੀ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿਚ ਰੁਲ ਰਹੇ ਪੰਜਾਬੀ ਬੱਚਿਆਂ ਦਾ ਮਾਮਲਾ ਉਭਾਰਿਆ ਸੀ। ਖਾਲਸਾ ਏਡ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਿੱਖ ਬੰਦੀਆਂ ਦੀ ਰਿਹਾਈ ਦਾ ਵੀ ਸਮਰਥਨ ਕੀਤਾ। ਉਨ੍ਹਾਂ ਸਿਰੋਪਾਓ ਦੀ ਹੋ ਰਹੀ ਬੇਕਦਰੀ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਨੂੰ ਲੋੜੀਂਦੀ ਕਾਰਵਾਈ ਦੀ ਅਪੀਲ ਕੀਤੀ ਹੈ।

Radio Mirchi