ਮਜੀਠੀਆ ਨੇ ਜੇਲ੍ਹ ਮੰਤਰੀ ’ਤੇ ਗੈਂਗਸਟਰਾਂ ਨਾਲ ਮਿਲੀ-ਭੁਗਤ ਦੇ ਦੋਸ਼ ਲਾਏ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਗੱਠਜੋੜ ਹੋਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਮੰਗ ਕੀਤੀ ਕਿ ਜੇਲ੍ਹ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਇਸ ਲਈ ਸ੍ਰੀ ਰੰਧਾਵਾ ਜਾਂ ਤਾਂ ਮੰਤਰੀ ਵਜੋਂ ਅਸਤੀਫਾ ਦੇਣ ਤੇ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਬਰਖਾਸਤ ਕਰਨ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਦੌਰਾਨ ਜਿਸ ਅਕਾਲੀ ਆਗੂ ਦਾ ਕਤਲ ਹੋਇਆ ਹੈ, ਉਸ ਕਤਲ ਪਿੱਛੇ ਵੀ ਜੇਲ੍ਹ ਮੰਤਰੀ ਦਾ ਕਥਿਤ ਅਸਿੱਧਾ ਹੱਥ ਹੈ। ਮਜੀਠੀਆ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਕਤਲ ਨੂੰ ਜ਼ਮੀਨ ਦੀ ਵੱਟ ਦਾ ਰੌਲਾ ਕਰਾਰ ਦੇ ਕੇ ਮਾਮਲੇ ਨੂੰ ਠੱਪ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਦੋਂਕਿ ਸਾਰਾ ਇਲਾਕਾ ਜਾਣਦਾ ਹੈ ਕਿ ਇਹ ਸਿਆਸੀ ਕਤਲ ਹੈ। ਉਨ੍ਹਾਂ ਕਿਹਾ ਕਿ ਕਤਲ ਦੇ 72 ਘੰਟੇ ਬਾਅਦ ਵੀ ਪੁਲੀਸ ਵੱਲੋਂ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਮ੍ਰਿਤਕ ਦੇ ਵਾਰਸਾਂ ਦਾ ਬਿਆਨ ਵੀ ਦਰਜ ਕਰਨ ਤੋਂ ਪੁਲੀਸ ਵੱਲੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਬਿਨਾਂ ਕਿਸੇ ਤਫ਼ਤੀਸ਼ ਤੋਂ ਹੀ ਸਿੱਟਾ ਕੱਢਣਾ ਸ਼ੱਕ ਜ਼ਾਹਿਰ ਕਰਦਾ ਹੈ ਕਿ ਇਸ ਕਤਲ ਪਿੱਛੇ ਪ੍ਰਭਾਵਸ਼ਾਲੀ ਤੇ ਵੱਡੇ ਬੰਦਿਆਂ ਦਾ ਹੱਥ ਹੈ। ਸ੍ਰੀ ਮਜੀਠੀਆ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕਥਿਤ ਜੇਲ੍ਹ ਮੰਤਰੀ ਵੱਲੋਂ ਸ਼ਹਿ ਦਿੱਤੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਇਸ ਗੈਂਗਸਟਰ ਵੱਲੋਂ ਜੇਲ੍ਹ ਵਿੱਚੋਂ ਹੀ ਆਪਣੇ ਧੰਦੇ ਚਲਾਉਣ ਦੀਆਂ ਰਿਪੋਰਟਾਂ ਸਾਹਮਣੇ ਆਉਣ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਜੇਲ੍ਹ ਮੰਤਰੀ ਦੇ ਰਿਹਾਇਸ਼ੀ ਪਿੰਡਾਂ ਦਾ ਹੀ ਰਹਿਣ ਵਾਲਾ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਤੇ ਪੰਜਾਬ ਪੁਲੀਸ ਦੇ ਮੁਖੀ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਤੇ ਜੇਕਰ ਪੁਲੀਸ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਤਾਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ। ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੰਤਰੀਆਂ ਅਤੇ ਹਾਕਮ ਪਾਰਟੀ ਦੇ ਆਗੂਆਂ ਦੀ ਸ਼ਹਿ ’ਤੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਪਿੰਡ ਵਿੱਚ ਇੱਕ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਵੀ ਹਾਕਮ ਪਾਰਟੀ ਦੇ ਆਗੂਆਂ ਦੀ ਸ਼ਹਿ ’ਤੇ ਹੀ ਤਸੀਹੇ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪੁਲੀਸ ਦਾ ਮੂਕ ਦਰਸ਼ਕ ਬਣਨਾ ਚਿੰਤਾਜਨਕ ਹੈ। ਅਕਾਲੀ ਨੇਤਾਵਾਂ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹ ਤੋਂ ਲੱਥੀ ਹੋਈ ਹੈ।