ਮਾਸਕ ਪਾਉਣਾ ਅਤੇ ਹੱਥ ਧੋਣਾ ਔਖਾ ਕਿਉਂ ਲਗਦੈ: ਕੈਪਟਨ

ਮਾਸਕ ਪਾਉਣਾ ਅਤੇ ਹੱਥ ਧੋਣਾ ਔਖਾ ਕਿਉਂ ਲਗਦੈ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਕੇਸਾਂ ਦੇ ਵਧਦੇ ਅੰਕੜਿਆਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਨੂੰ ਖਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਸ਼ੁੱਕਰਵਾਰ ਨੂੰ 665 ਕੇਸ ਰਿਪੋਰਟ ਹੋਏ ਅਤੇ ਵੱਖ-ਵੱਖ ਉਲੰਘਣਾ ਲਈ 4900 ਚਲਾਨ ਜਾਰੀ ਕੀਤੇ ਗਏ ਹਨ। ਕੈਪਟਨ ਨੇ ਪੁੱਛਿਆ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੜਕਾਂ ’ਤੇ ਨਾ ਥੁੱਕਣਾ ਏਨਾ ਔਖਾ ਕਿਉਂ ਲਗਦਾ ਹੈ? ਮੁੱਖ ਮੰਤਰੀ ਨੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪੁੱਛਿਆ,‘‘ ਕੀ ਤੁਹਾਨੂੰ ਆਪਣੇ ਪੰਜਾਬੀ ਭੈਣ-ਭਰਾਵਾਂ ਦਾ ਕੋਈ ਫਿਕਰ          ਨਹੀਂਂ ਹੈ।’’ ਮਹਾਰਾਸ਼ਟਰ ਅਤੇ ਦਿੱਲੀ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਇੱਥੋਂ ਦੇ ਲੋਕਾਂ ਦੇ ਹੱਥ ਵਿੱਚ ਹੀ ਹੈ।
ਹਫ਼ਤਾਵਰੀ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਅਨਲੌਕ-3.0 ਸਬੰਧੀ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਦੀ ਸਰਕਾਰ ਵੱਲੋਂ 5 ਅਗਸਤ ਤੋਂ ਜਿਮ ਖੋਲ੍ਹਣ ਸਬੰਧੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ  ਵਿਭਾਗ ਵੱਲੋਂ ਜਲਦੀ ਹੀ ਜਾਰੀ ਕੀਤੇ ਜਾਣ ਵਾਲੇ ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਨੂੰ ਸਖ਼ਤੀ ਨਾਲ ਅਪਣਾਉਣਾ ਹੋਵੇਗਾ।
ਬਰਨਾਲਾ ਦੇ ਕਾਰਗਿਲ ਬਹਾਦਰੀ ਪੁਰਸਕਾਰ ਅਤੇ ਸੈਨਾ ਮੈਡਲ ਜੇਤੂ ਬਲਕਾਰ ਸਿੰਘ ਵੱਲੋਂ ਪੁਲੀਸ ਤੇ ਰੱਖਿਆ ਸੇਵਾਵਾਂ ਲਈ ਪਹਿਲਾਂ ਕੀਤੇ ਐਲਾਨ ਅਨੁਸਾਰ ਇੱਕ-ਅਹੁਦਾ ਤਰੱਕੀ ਬਾਰੇ ਪੁੱਛੇ ਸਵਾਲ ਸਬੰਧੀ  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਹਾਦਰੀ ਪੁਰਸਕਾਰ ਜੇਤੂਆਂ ਨੂੰ ਵਨ-ਸਟੈਪ ਤਰੱਕੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਬਲਕਾਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਸ ਦਾ ਛੇਤੀ ਲਾਭ ਦਿੱਤਾ ਜਾਵੇਗਾ। ਪੰਜਾਬੀ ਗਾਇਕਾਂ ਵੱਲੋਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਪ੍ਰਸੰਗ ਵਿੱਚ ਮੁੱਖ ਮੰਤਰੀ ਨੇ ਸਮੁੱਚੇ ਗਾਇਕਾਂ ਨੂੰ ਅਜਿਹੇ ਗਾਣੇ ਨਾ ਗਾਉਣ ਅਤੇ ਇਸ ਦੀ ਥਾਂ ਪੰਜਾਬੀ ਸੱਭਿਆਚਾਰ ਅਤੇ ਸੋਚ ਪ੍ਰਤੀ ਪ੍ਰੇਰਨ ਦੀ ਅਪੀਲ ਕੀਤੀ। ਉਨ੍ਹਾਂ ਰਾਜਪੁਰਾ ਵਾਸੀ, ਜਿਸ ਵੱਲੋਂ ਇਸ ਮੁੱਦੇ ਬਾਰੇ ਚਿੰਤਾ ਜਤਾਈ ਗਈ, ਨੂੰ ਦੱਸਿਆ ਕਿ ਗਾਇਕਾਂ ਨੂੰ ਗ੍ਰਿਫ਼ਤਾਰ ਕਰਨਾ ਅਸਲ ਵਿੱਚ ਕੋਈ ਹੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਨੌਜਵਾਨਾਂ ਉਪਰ ਅਜਿਹੇ ਗੀਤਾਂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ।
ਦਿੱਲੀ ਵਾਂਗ ਪੰਜਾਬ ਵੱਲੋਂ ਡੀਜ਼ਲ ਤੋਂ ਵੈਟ ਘਟਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਅਤੇ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਾਲੀਆ ਵਧਾਉਣ ਅਤੇ ਹੋਰ ਢੰਗ-ਤਰੀਕੇ ਤਲਾਸ਼ਣ ਦੀ ਲੋੜ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਵੈਟ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।

Radio Mirchi