ਮਾਹਿਰਾਂ ਦੀ ਸਲਾਹ ਨਾਲ ਖੁੱਲ੍ਹੇਗੀ ਤਾਲਾਬੰਦੀ: ਕੈਪਟਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਲੌਕਡਾਊਨ ਖੋਲ੍ਹਣ ਦਾ ਫੈਸਲਾ ਸੂਬੇ ਨੂੰ ਇਸ ਸਥਿਤੀ ’ਚੋਂ ਬਾਹਰ ਕੱਢਣ ਲਈ ਰਣਨੀਤੀ ਘੜਨ ਵਾਸਤੇ ਬਣਾਈ ਮਾਹਿਰ ਕਮੇਟੀ ਦੀ ਸਲਾਹ ਨਾਲ ਹੀ ਕਰਨਗੇ। ਉਦਯੋਗਪਤੀਆਂ, ਅਰਥ ਸ਼ਾਸਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨਾਲ ਵੈਬ ਉਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ ਖੋਲ੍ਹਣ ਦਾ ਫੈਸਲਾ 20 ਮੈਂਬਰੀ ਮਾਹਿਰ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਹੋਵੇਗਾ। ਉਨ੍ਹਾਂ ਕਿਹਾ ਕਿ ਸੰਭਾਵਨਾ ਹੈ ਕਿ ਇਹ ਕਮੇਟੀ ਸ਼ਨਿਚਰਵਾਰ ਨੂੰ ਆਪਣੀ ਰਿਪੋਰਟ ਸੌਂਪ ਦੇਵੇਗੀ।
ਉਨ੍ਹਾਂ ਸਪਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਹਾਲਾਂਕਿ ਇਹ ਵੀ ਸਪਸ਼ਟ ਹੈ ਕਿ ਲੌਕਡਾਊਨ ਨੂੰ ਅਣਮਿੱਥੇ ਸਮੇਂ ਲਈ ਜਾਰੀ ਨਹੀਂ ਰੱਖਿਆ ਜਾ ਸਕਦਾ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚੋਂ 5 ਜ਼ਿਲ੍ਹੇ ਗਰੀਨ ਜ਼ੋਨ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਉਣ ਵਾਲੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਲੌਕਡਾਊਨ ਖੋਲ੍ਹਣ ਦੇ ਮੁੱਦੇ ਬਾਰੇ ਵਿਚਾਰ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨੇ ਇਤਾਲਵੀ ਰਾਜੂਦਤ ਵਿਨਸੈਂਜ਼ੋ ਡੀ ਲੂਕਾ ਨਾਲ ਉਨ੍ਹਾਂ ਦੇ ਮੁਲਕ ਵਿੱਚ ਕੋਵਿਡ ਕਾਰਨ ਵੱਡੀ ਗਿਣਤੀ ਮੌਤਾਂ ਹੋਣ ’ਤੇ ਦੁੱਖ ਸਾਂਝਾ ਵੀ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸੰਕਟ ਦੇ ਮੱਦੇਨਜ਼ਰ ਲੌਕਡਾਊਨ ਵਿੱਚ ਫਸੇ ਸੇਵਾਮੁਕਤ ਸੈਨਿਕਾਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ਵਿੱਚ ਜਾਣ ਲਈ ਵਿਸ਼ੇਸ਼ ਆਗਿਆ ਦਿਵਾਉਣ।