ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਮਾਰਗ ਦਾ ਨੀਂਹ ਪੱਥਰ ਰੱਖਿਆ
ਬਟਾਲਾ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 103 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 109 ਕਿਲੋਮੀਟਰ ਲੰਬੇ ‘ਪ੍ਰਕਾਸ਼ ਪੁਰਬ ਮਾਰਗ’ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 10 ਮੀਟਰ ਚੌੜਾ ਬਣਾਇਆ ਜਾ ਰਿਹਾ ਇਹ ਮਾਰਗ ਸੁਲਤਾਨਪੁਰ ਲੋਧੀ ਤੋਂ ਵਾਇਆ ਮੁੰਡੀ ਮੋੜ-ਕਪੂਰਥਲਾ-ਸੁਭਾਨਪੁਰ-ਬਿਆਸ-ਬਾਬਾ ਬਕਾਲਾ-ਬਟਾਲਾ ਵੱਲ ਦੀ ਡੇਰਾ ਬਾਬਾ ਨਾਨਕ ਤੱਕ ਜਾਵੇਗਾ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਟਾਲਾ ਵਿਚ 13 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਹੋਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਰੋਜ਼ ਪੰਜ ਹਜ਼ਾਰ ਸ਼ਰਧਾਲੂ ਇਕੱਲੇ ਤੌਰ ’ਤੇ ਜਾਂ ਸਮੂਹਿਕ ਰੂਪ ਵਿਚ ਸਵੇਰੇ ਸੂਰਜ ਚੜ੍ਹਨ ਤੋਂ ਸ਼ਾਮ ਸੂਰਜ ਡੁੱਬਣ ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸੰਗਤ ਲਈ ਪਾਸਪੋਰਟ ਹੋਣਾ ਜ਼ਰੂਰੀ ਹੈ ਪਰ ਪਾਸਪੋਰਟ ’ਤੇ ਕੋਈ ਵੀਜ਼ਾ ਨਹੀਂ ਲੱਗੇਗਾ। ਪਰਵਾਸੀ ਭਾਰਤੀ ਅਤੇ ਓਸੀਆਈ ਕਾਰਡਧਾਰਕ ਕੋਰੀਡੋਰ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਦੇ ਹਨ। ਸੂਬਾ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮਾਂ ਦੀ ਅੰਤਿਮ ਰੂਪ-ਰੇਖਾ ਅਗਲੇ ਤਿੰਨ-ਚਾਰ ਦਿਨਾਂ ਤੱਕ ਦੱਸ ਦਿੱਤੀ ਜਾਵੇਗੀ।