ਮੋਦੀ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣਗੇ
ਜਲੰਧਰ-ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ 9 ਨਵੰਬਰ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਭਰੋਸੇਯੋਗ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਇਸ ਦੌਰਾਨ ਨਾ ਤਾਂ ਪੰਜਾਬ ਸਰਕਾਰ ਦੇ ਪੰਡਾਲ ਵਿੱਚ ਜਾ ਰਹੇ ਹਨ ਤੇ ਨਾ ਹੀ ਗੁਰੂ ਨਾਨਕ ਸਟੇਡੀਅਮ ਵਿੱਚ ਲੱਗੇ ਅਕਾਲੀਆਂ ਦੇ ਪੰਡਾਲ ਵਿੱਚ ਜਾਣਗੇ। ਪ੍ਰਧਾਨ ਮੰਤਰੀ ਦੇ ਸੁਰੱਖਿਆ ਦਸਤਿਆਂ ਨੇ ਅੱਜ ਗੁਰਦੁਆਰਾ ਬੇਰ ਸਾਹਿਬ ਕੰਪਲੈਕਸ ਨੂੰ ਆਪਣੇ ਕੰਟਰੋਲ ਵਿੱਚ ਲੈ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਆ ਰਹੇ ਹਨ। ਉਨ੍ਹਾਂ ਦੀ ਸੁਰੱਖਿਆ ਦੇਖ ਰਹੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਡੇਰਾ ਬਾਬਾ ਨਾਨਕ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਪ੍ਰਧਾਨ ਮੰਤਰੀ ਇੱਥੇ ਕਿਸੇ ਵੀ ਪੰਡਾਲ ਵਿੱਚ ਨਹੀਂ ਜਾ ਰਹੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਸਰਕਾਰ ਵਿੱਚ ਇਸ ਗੱਲੋਂ ਮੁਕਾਬਲੇਬਾਜ਼ੀ ਚੱਲ ਰਹੀ ਸੀ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੀ ਸਟੇਜ ’ਤੇ ਹੀ ਆਉਣਗੇ। ਸ੍ਰੀ ਮੋਦੀ ਨੂੰ ਸੱਦਾ-ਪੱਤਰ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਨਾਲੋਂ ਪਹਿਲਾਂ ਹੀ ਸੱਦਾ ਪੱਤਰ ਦੇ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਆ ਰਹੇ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਪਹੁੰਚਣਗੇ।