ਰਾਜਪਾਲ ਵੱਲੋਂ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਨੂੰ ਪ੍ਰਵਾਨਗੀ

ਰਾਜਪਾਲ ਵੱਲੋਂ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਨੂੰ ਪ੍ਰਵਾਨਗੀ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਖੱਬੇ ਪੱਖੀ ਕਿਸਾਨ ਆਗੂ ਮਨਜੀਤ ਸਿੰਘ ਨੂੰ ਅਦਾਲਤ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਧਨੇਰ ਦੀ ਰਿਹਾਈ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਭਲਕ ਤੱਕ ਜਾਰੀ ਕੀਤੇ ਜਾਣ ਦੇ ਆਸਾਰ ਹਨ। ਸੂਤਰਾਂ ਅਨੁਸਾਰ ਰਾਜਪਾਲ ਵੱਲੋਂ ਕਾਨੂੰਨੀ ਸਲਾਹ ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ’ਤੇ ਲਗਾਤਾਰ ਪੈਰਵੀ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਰਾਜਪਾਲ ਵੱਲੋਂ ਸਜ਼ਾ ਮੁਆਫ਼ੀ ਨੂੰ ਦਿੱਤੀ ਪ੍ਰਵਾਨਗੀ ਦੇ ਫੈਸਲੇ ਦੀ ਪੁਸ਼ਟੀ ਕੀਤੀ ਹੈ। ਧਨੇਰ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਬਰਨਾਲਾ ਦੀ ਸਬ ਜੇਲ੍ਹ ਵਿੱਚ ਬੰਦ ਹੈ ਤੇ ਖੱਬੇ ਪੱਖੀ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਬਰਨਾਲਾ ਜੇਲ੍ਹ ਦੇ ਸਾਹਮਣੇ ਪੱਕਾ ਮੋਰਚਾ ਲਾ ਕੇ ਧਨੇਰ ਦੀ ਰਿਹਾਈ ਲਈ ਸੰਘਰਸ਼ ਭਖਾਇਆ ਹੋਇਆ ਹੈ। ਇਸ ਨਾਲ ਸਰਕਾਰ ਦੀ ਹਾਲਤ ਕਸੂਤੀ ਬਣੀ ਹੋਈ ਸੀ। ਰਾਜਪਾਲ ਦੇ ਫੈਸਲੇ ਤੋਂ ਬਾਅਦ ਸਰਕਾਰ ਨੂੰ ਵੀ ਸੁਖ਼ ਦਾ ਸਾਹ ਆਏਗਾ। ਬਰਨਾਲਾ ਦੀਆਂ ਕਚਹਿਰੀਆਂ ਵਿੱਚ 3 ਮਾਰਚ 2001 ਨੂੰ ਦਲੀਪ ਸਿੰਘ ਨਾਮੀ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ਵਿੱਚ ਮਨਜੀਤ ਸਿੰਘ ਧਨੇਰ, ਨਰਾਇਣ ਦੱਤ ਅਤੇ ਮਾਸਟਰ ਪ੍ਰੇਮ ਕੁਮਾਰ ਨੂੰ ਪੁਲੀਸ ਵੱਲੋਂ ਨਾਮਜ਼ਦ ਕੀਤਾ ਗਿਆ ਸੀ। ਬਰਨਾਲਾ ਦੀ ਸੈਸ਼ਨ ਕੋਰਟ ਵੱਲੋਂ ਉਕਤ ਤਿੰਨਾਂ ਆਗੂਆਂ ਨੂੰ ਸਜ਼ਾ ਸੁਣਾਈ ਗਈ ਸੀ।
ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਉਕਤ ਤਿੰਨੋਂ ਮੋਹਰੀ ਆਗੂਆਂ ਦੇ ਮਾਮਲੇ ਦਾ ਰੋਚਕ ਪਹਿਲੂ ਇਹ ਵੀ ਹੈ ਕਿ ਪੰਜਾਬ ਸਰਕਾਰ ਦੀ ਸਿਫਾਰਿਸ਼ ’ਤੇ ਰਾਜਪਾਲ ਵੱਲੋਂ ਸਾਲ 2008 ਵਿੱਚ ਨਰਾਇਣ ਦੱਤ, ਮਨਜੀਤ ਧਨੇਰ ਅਤੇ ਮਾਸਟਰ ਪ੍ਰੇਮ ਕੁਮਾਰ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ ਸੀ ਪਰ ਹਾਈ ਕੋਰਟ ਨੇ ਰਾਜਪਾਲ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਹਾਈ ਕੋਰਟ ਦੇ ਫੈਸਲੇ ਕਾਰਨ ਹੀ ਮਨਜੀਤ ਸਿੰਘ ਧਨੇਰ ਦੀਆਂ ਮੁਸ਼ਕਲਾਂ ਵਧ ਗਈਆਂ ਸਨ ਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਐਕਸ਼ਨ ਕਮੇਟੀ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਪਰ ਉਥੋਂ ਵੀ ਨਿਰਾਸ਼ਾ ਹੀ ਪੱਲੇ ਪਈ ਸੀ। ਸੁਪਰੀਮ ਕੋਰਟ ਨੇ 3 ਸਤੰਬਰ ਨੂੰ ਮਨਜੀਤ ਸਿੰਘ ਧਨੇਰ ਦੀ ਅਪੀਲ ਖਾਰਜ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਬਹਾਲ ਰੱਖੀ ਸੀ।
ਜ਼ਿਕਰਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਦੇ ਅਧਿਆਪਕ ਦਰਸ਼ਨ ਸਿੰਘ ਦੀ ਧੀ ਕਿਰਨਜੀਤ ਕੌਰ ਨੂੰ 29 ਜੁਲਾਈ 1997 ਨੂੰ ਕਾਲਜ ਤੋਂ ਵਾਪਸ ਪਰਤਦਿਆਂ ਅਗਵਾ ਕਰ ਕੇ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਕੇ ਲਾਸ਼ ਨੂੰ ਖੇਤਾਂ ਵਿੱਚ ਦੱਬ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਹਿਲ ਕਲਾਂ ਦੇ ਚਰਚਿਤ ਪਰਿਵਾਰ ਨਾਲ ਸਬੰਧਤ ‘ਕਾਕਿਆਂ’ ਉਪਰ ਅਗਵਾ, ਕਤਲ ਅਤੇ ਬਲਾਤਕਾਰ ਦੇ ਦੋਸ਼ ਲੱਗੇ। ਐਕਸ਼ਨ ਕਮੇਟੀ ਦੀ ਅਗਵਾਈ ਹੇਠ ਚੱਲੇ ਸੰਘਰਸ਼ ਦੀ ਬਦੌਲਤ ਹੀ ਕਿਰਨਜੀਤ ਦੇ ਅਸਲ ਦੋਸ਼ੀਆਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
 

Radio Mirchi