ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ

ਚੰਡੀਗੜ੍ਹ-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਅਤਿਵਾਦੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਰਾਜੋਆਣਾ ਬੇਅੰਤ ਸਿੰਘ ਹੱਤਿਆਕਾਂਡ ਦੇ ਸਾਜਿਸ਼ਘਾੜਿਆਂ ਵਿਚੋਂ ਇਕ ਹੈ ਤੇ ਉਹ ਬੱਬਰ ਖਾਲਸਾ ਨਾਲ ਸਬੰਧਤ ਹੈ।
ਜੇਲ੍ਹ ਵਿਭਾਗ ਦੇ ਸੂਤਰਾਂ ਅਨੁਸਾਰ ਰਾਜੋਆਣਾ ਨਾਲ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਸਿੱਖ ਕੱਟੜਪੰਥੀਆਂ ਪ੍ਰਤੀ ਨਰਮੀ ਦਾ ਰੁਖ਼ ਅਪਣਾਉਣ ਦੇ ਨਜ਼ਰੀਏ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਐਨ.ਡੀ.ਏ. ਸਰਕਾਰ ਨੇ ਕੱਟੜ ਖਾੜਕੁੂਆਂ ਪ੍ਰਤੀ ਨਰਮੀ ਦਾ ਵਤੀਰਾ ਅਪਣਾਇਆ ਸੀ। ਉਸ ਵੇਲੇ ਕੱਟੜ ਖਾੜਕੂ ਵੱਸਣ ਸਿੰਘ ਜੱਫ਼ਰਵਾਲ ਅਤੇ ਜਗਜੀਤ ਸਿੰਘ ਚੌਹਾਨ ਨੂੰ ਦੇਸ਼ ਆਉਣ ਦੀ ਆਗਿਆ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਪੁਲੀਸ ਦਾ ਸਿਪਾਹੀ ਸੀ ਜਿਸ ਨੂੰ ਉਸ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿਚ ਫਾਂਸੀ ਦੀ ਸਜ਼ਾ ਹੋਈ ਸੀ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕਾ ਕਰ ਕੇ ਕੀਤੀ ਗਈ ਸੀ। ਉਸ ਧਮਾਕੇ ਵਿਚ ਮੁੱਖ ਮੰਤਰੀ ਦੇ ਨਾਲ ਮਨੁੱਖੀ ਬੰਬ ਦਿਲਾਵਰ ਸਿੰਘ ਵੀ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁੂਬੇ ਦੇ ਲੱਗਪਗ 240 ਕੈਦੀਆਂ ਦੀਆਂ ਸਜ਼ਾਵਾਂ ਮੁਆਫ਼ ਕੀਤੀਆਂ ਹਨ। ਇਸ ਸਬੰਧੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਨਹੀਂ ਹੋ ਸਕੀ।

Radio Mirchi