ਲਹਿੰਦੇ ਪੰਜਾਬ ਦੀ ਧਰਤ ਨਾਨਕਮਈ ਹੋਈ
ਨਨਕਾਣਾ ਸਾਹਿਬ-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ ਅਤੇ ਪਿਛਲੇ ਦੋ ਦਿਨਾਂ ਦੌਰਾਨ ਦਸ ਹਜ਼ਾਰ ਦੇ ਕਰੀਬ ਸੰਗਤਾਂ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਈਆਂ ਹਨ ਜਦਕਿ ਅਗਲੇ ਦੋ ਤਿੰਨ ਦਿਨਾਂ ਦੌਰਾਨ ਇਨ੍ਹਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪ੍ਰਕਾਸ਼ ਪੁਰਬ ਸਮਾਗਮ 10 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ।
ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਮਹਾਰਾਸ਼ਟਰ ਤੋਂ ਇਲਾਵਾ ਹੋਰਨਾਂ ਦੇਸ਼ਾਂ ਤੋਂ ਵੀ ਭਾਰੀ ਗਿਣਤੀ ਵਿੱਚ ਸੰਗਤਾਂ ਲਗਾਤਾਰ ਗੁਰਦੁਆਰਾ ਸਾਹਿਬ ਵਿਖੇ ਬਾਬਾ ਨਾਨਕ ਨੂੰ ਸਿਜਦਾ ਕਰਨ ਪੁੱਜ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਗੁਰਧਾਮਾਂ ਅਤੇ ਲਾਗਲੇ ਇਲਾਕਿਆਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ ਅਤੇ ਫ਼ੁਹਾਰੇ ਸੰਗੀਤਕ ਧੁਨਾਂ ਨਾਲ ਸੰਗਤਾਂ ਦਾ ਮਨ ਮੋਹ ਰਹੇ ਹਨ। ਸ਼ਰਧਾਲੂਆਂ ਦੇ ਸਵਾਗਤ ਲਈ ਪੰਜਾਬੀ, ਅੰਗਰੇਜੀ ਅਤੇ ਉਰਦੂ ਭਾਸ਼ਾ ਵਿੱਚ ਲੱਗੇ ਵੱਡੇ-ਵੱਡੇ ਹੋਰਡਿੰਗਜ਼ ਵਿਸ਼ੇਸ਼ ਖਿੱਚ ਦਾ ਕੇਂਦਰ ਹਨ। ਨਨਕਾਣਾ ਸਾਹਿਬ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਬਾਹਰ ਬਾਬਾ ਨਾਨਕ ਦੀ ਉਸਤਤਿ ਵਿੱਚ ਪੇਸ਼ ਕੀਤੇ ਜਾ ਰਹੇ ਧਾਰਮਿਕ ਗੀਤਾਂ ਅਤੇ ਸ਼ਬਦਾਂ ਨਾਲ ਨਨਕਾਣਾ ਸਾਹਿਬ ਖ਼ਾਲਸਾਈ ਰੰਗ ਵਿੱਚ ਰੰਗਿਆ ਪਿਆ ਹੈ। ਅੰਤਰਰਾਸ਼ਟਰੀ ਯੂਥ ਫੈਡਰੇਸ਼ਨ ਦੇ ਮੁਖੀ ਭਾਈ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ 55 ਸਿੰਘਾਂ ਦਾ ਜੱਥਾ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਪੁੱਜਿਆ ਜਿੱਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ, ਸਾਬਕਾ ਪ੍ਰਧਾਨ ਭਾਈ ਬਿਸ਼ਨ ਸਿੰਘ ਅਤੇ ਜਨਰਲ ਸਕੱਤਰ ਅਮੀਰ ਸਿੰਘ ਸਾਗਰ ਦੀ ਅਗਵਾਈ ਹੇਠ ਸਮੁੱਚੀ ਕਮੇਟੀ ਨੇ ਭਾਈ ਪਰਮਜੀਤ ਸਿੰਘ ਖਾਲਸਾ, ਸਕੱਤਰ ਜਨਰਲ ਭਾਈ ਮੇਜਰ ਸਿੰਘ ਖਾਲਸਾ ਬਲਜੀਤ ਸਿੰਘ ਬੀਤਾ, ਭਾਈ ਸ਼ਿਸ਼ਪਾਲ ਸਿੰਘ ਮੀਰਕੋਟ ਅਤੇ ਤਜਿੰਦਰ ਸਿੰਘ ਡੰਗ ਦਾ ਸਵਾਗਤ ਕੀਤਾ। ਨਾਰਥ ਅਮਰੀਕਾ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਵੀ ਜੱਥਾ ਅੱਜ ਇੱਥੇ ਪੁੱਜਿਆ ਹੈ। ਇਸ ਤੋਂ ਪਹਿਲਾਂ ਬੀਤੀ ਸ਼ਾਮ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਅਮੀਰ ਸਿੰਘ ਜਵੱਦੀ ਟਕਸਾਲ ਲੁਧਿਆਣਾ ਅਤੇ ਪ੍ਰਚਾਰਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਖਾਲਸਾ ਦਾ ਵੀ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਹੈ।
ਦਰਬਾਰ ਹਾਲ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਰੋਜ਼ਾਨਾ ਕਥਾ ਕੀਰਤਨ ਦੇ ਪ੍ਰੋਗਰਾਮ 1 ਨਵੰਬਰ ਤੋਂ ਚੱਲ ਰਹੇ ਹਨ। ਬੀਤੀ ਰਾਤ ਪੰਥ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ਸਿੰਘ, ਜਵੱਦੀ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਤੋਂ ਇਲਾਵਾ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਬੱਚਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।