ਲੜਨੀ ਹੀ ਪੈਣੀ ਜਦੋਂ ਸਿਰਾਂ ਤੇ ਆਈ ਏ, ਹੱਕਾਂ ਦੀ ਹੀ ਨਹੀਂ ਇਹ ਤਾਂ ਹੋਂਦ ਦੀ ਲੜਾਈ ਏ : ਜਪਜੀ ਖਹਿਰਾ
ਚੰਡੀਗੜ੍ਹ – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਦੱਸ ਦਈਏ ਕਿ ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਬੈਠ ਕੇ ਆਪਣੇ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਸ਼ਹੀਦ ਹੋਏ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੇ ਹਨ। ਪੰਜਾਬੀ ਅਦਾਕਾਰਾ ਜਪਜੀ ਖਹਿਰਾ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨਾਲ ਧਰਨੇ ਪ੍ਰਦਰਸ਼ਨ 'ਤੇ ਹਨ। ਉਹ ਕਿਸਾਨ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਿਹੰਗ ਸਿੰਘਾਂ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਜਪਜੀ ਖਹਿਰਾ ਨੇ ਲਿਖਿਆ ਕਿ 'ਲੜਨੀ ਹੀ ਪੈਣੀ ਜਦੋਂ ਸਿਰਾਂ ਉੱਤੇ ਆਈ ਏ ਹੱਕਾਂ ਦੀ ਹੀ ਨਹੀਂ, ਇਹ ਤੇ ਹੋਂਦ ਦੀ ਲੜਾਈ ਏ।' ਜਪਜੀ ਖਹਿਰਾ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।