ਵਿਵਾਦਤ ਟਵੀਟ: ਕਪਿਲ ਮਿਸ਼ਰਾ ਖ਼ਿਲਾਫ਼ ਕੇਸ ਦਰਜ
ਚੋਣ ਕਮਿਸ਼ਨ ਵੱਲੋਂ ਪੁਲੀਸ ਨੂੰ ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਹੁਕਮ ਦੇਣ ਮਗਰੋਂ ਦਿੱਲੀ ਪੁਲੀਸ ਨੇ ਭਾਜਪਾ ਦੇ ਮਾਡਲ ਟਾਊਨ ਤੋਂ ਉਮੀਦਵਾਰ ਕਪਿਲ ਮਿਸ਼ਰਾ ਖ਼ਿਲਾਫ਼ ਧਾਰਾ 125 (ਚੋਣਾਂ ਦੇ ਸਬੰਧ ’ਚ ਫਿਰਕਿਆਂ ’ਚ ਟਕਰਾਅ ਪੈਦਾ ਕਰਨ) ਤਹਿਤ ਕੇਸ ਦਰਜ ਕਰ ਲਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਮਿਸ਼ਰਾ ਵੱਲੋਂ ਕੀਤੇ ਗਏ ਫਿਰਕੂ ਟਵੀਟ ਕਾਰਨ ਚੋਣ ਕਮਿਸ਼ਨ ਹਰਕਤ ’ਚ ਆਇਆ ਹੈ। ਦਿੱਲੀ ਦੇ ਚੋਣ ਦਫ਼ਤਰ ਨੇ ਮਿਸ਼ਰਾ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ ਜਿਸ ਦੇ ਜਵਾਬ ’ਤੇ ਤਸੱਲੀ ਨਾ ਹੋਣ ਮਗਰੋਂ ਪੁਲੀਸ ਨੂੰ ਐੱਫਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ। ਚੋਣ ਕਮਿਸ਼ਨ ਨੇ ਟਵਿੱਟਰ ਨੂੰ ਵੀ ਕਿਹਾ ਹੈ ਕਿ ਉਹ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਕਪਿਲ ਮਿਸ਼ਰਾ ਦੇ ਵਿਵਾਦਤ ਟਵੀਟ ਨੂੰ ਹਟਾ ਲਵੇ ਜਿਸ ’ਚ ਮਿਸ਼ਰਾ ਨੇ ਦਿੱਲੀ ਦੀ ਚੋਣ ਦੀ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਨਾਲ ਤੁਲਨਾ ਕੀਤੀ ਹੈ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਸੀ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਰਣਬੀਰ ਸਿੰਘ ਨੇ ਦੱਸਿਆ ਕਿ ਟਵੀਟ ਦਾ ਨੋਟਿਸ ਲੈਂਦਿਆਂ ਉਸ ਨੂੰ ਹਟਾਉਣ ਲਈ ਬੀਤੀ ਰਾਤ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ। ਚੋਣ ਕਮਿਸ਼ਨ ਮੁਤਾਬਕ ਇਹ ਆਦਰਸ਼ ਚੋਣ ਜ਼ਾਬਤੇ ਅਤੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਹੈ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਦੇ ਮੰਤਰੀ ਮੰਡਲ ’ਚ ਮੰਤਰੀ ਰਹੇ ਕਪਿਲ ਮਿਸ਼ਰਾ ਨੇ ਵੀਰਵਾਰ ਨੂੰ ਟਵੀਟ ਕਰਕੇ ਕਿਹਾ ਸੀ ਕਿ 8 ਫਰਵਰੀ ਦੀ ਚੋਣ ਦਿੱਲੀ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੁਕਾਬਲਾ ਹੋਵੇਗਾ।