ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਅੱਜ ਇੱਥੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਮਿਨੀ ਸਕੱਤਰੇਤ ਵਿੱਚ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਤੋਤਾ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੁੱਖ ਤੌਰ ’ਤੇ ਸ਼ਾਮਲ ਹੋਏ। ਹਾਲਾਂਕਿ ਫ਼ਰੀਦਕੋਟ ਤੋਂ ਸੰਸਦ ਮੈਂਬਰ ਰਹਿ ਚੁੱਕੀ ਬੀਬੀ ਪਰਮਜੀਤ ਕੌਰ ਗੁਲਸ਼ਨ ਧਰਨੇ ’ਚੋਂ ਗੈਰਹਾਜ਼ਰ ਰਹੀ।
ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ’ਤੇ ਕਾਂਗਰਸ ਸਰਕਾਰ ਸਿਆਸਤ ਕਰ ਰਹੀ ਹੈ ਅਤੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ। ਸ੍ਰੀ ਸੁਖਬੀਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਤਿੰਨ ਸਾਲਾਂ ਵਿੱਚ 17 ਵਾਰ ਬਿਜਲੀ ਮਹਿੰਗੀ ਕੀਤੀ ਹੈ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਦੇ ਵਿਕਾਸ ਨੂੰ ਲੀਹ ’ਤੇ ਲਿਆਉਣ ਦੀ ਥਾਂ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਦਸ ਸਾਲ ਦੇ ਰਾਜ ਭਾਗ ਦੌਰਾਨ ਪੰਜਾਬ ਵਿੱਚ ਭਰਪੂਰ ਵਿਕਾਸ ਹੋਇਆ ਪਰ ਕੈਪਟਨ ਸਰਕਾਰ ਨੇ ਕਮਾਨ ਸੰਭਾਲਦਿਆਂ ਹੀ ਸੂਬੇ ਦੇ ਵਿਕਾਸ ਨੂੰ ਰੋਕ ਦਿੱਤਾ ਹੈ। ਇਸੇ ਦੌਰਾਨ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਅਕਾਲੀ ਦਲ ਪੂਰੀ ਤਰ੍ਹਾਂ ਇੱਕਮੁੱਠ ਹੈ। ਉਨ੍ਹਾਂ ਦਾਅਵਾ ਕੀਤਾ ਕਿ ਟਕਸਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਖੜ੍ਹੇ ਹਨ ਅਤੇ ਜੋ ਅਕਾਲੀ ਦਲ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਦਾ ਕੋਈ ਜਨਤਕ ਵਜੂਦ ਨਹੀਂ ਹੈ। ਧਰਨੇ ਨੂੰ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਯੂਥ ਵੈੱਲਫੇਅਰ ਬੋਰਡ ਦੇ ਸਾਬਕਾ ਚੇਅਰਮੈਨ ਪਰਮਬੰਸ ਸਿੰਘ ਬੰਟੀ ਰੋਮਾਣਾ, ਜੈਤੋ ਵਿਧਾਨ ਸਭਾ ਹਲਕੇ ਦੇ ਇੰਚਾਰਜ ਸੂਬਾ ਸਿੰਘ ਬਾਦਲ, ਮਹਿੰਦਰ ਸਿੰਘ ਰੋਮਾਣਾ, ਬਲਜਿੰਦਰ ਸਿੰਘ ਧਾਲੀਵਾਲ, ਨਵਦੀਪ ਸਿੰਘ ਬੱਬੂ ਬਰਾੜ, ਜੋਗਿੰਦਰ ਸਿੰਘ ਬਰਾੜ, ਜਗਸੀਰਤ ਸਿੰਘ ਭੁੱਲਰ, ਹਰਕੀਰਤ ਸਿੰਘ ਗਿੱਲ, ਭਾਜਪਾ ਪ੍ਰਧਾਨ ਵਿਜੇ ਛਾਬੜਾ ਆਦਿ ਨੇ ਵੀ ਸੰਬੋਧਨ ਕੀਤਾ।

Radio Mirchi